
ਬੇਅਦਬੀ ਮਾਮਲੇ 'ਚ ਇਨਸਾਫ਼
ਮੁਹਾਲੀ - ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ, ਬੇਅਦਬੀ ਮੁੱਦੇ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਜਲਦੀ ਸਜ਼ਾਵਾਂ ਦੇਣ ਦੀ ਮੰਗ ਤੇਜ਼ ਹੋ ਗਈ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਦਿੱਲੀ ਤੱਕ ਸੈਂਕੜੇ ਸਿੱਖ ਪ੍ਰਦਰਸ਼ਨਕਾਰੀ ਮੋਹਾਲੀ ਦੇ ਫੇਜ਼ 8 ਸਥਿਤ ਅੰਬ ਸਾਹਿਬ ਗੁਰਦੁਆਰੇ ਨੇੜੇ ਇਕੱਠੇ ਹੋਏ ਹਨ। ਇੱਥੇ ਟੈਂਟ ਲਗਾ ਕੇ ਲੰਗਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੰਜਾਬ ਪੁਲੀਸ ਅਤੇ ਰਿਜ਼ਰਵ ਫੋਰਸ ਇੱਥੇ ਵੱਡੀ ਗਿਣਤੀ ਵਿੱਚ ਤਾਇਨਾਤ ਹੈ।
ਕੌਮੀ ਇਨਸਾਫ਼ ਮੋਰਚਾ ਦੇ ਆਗੂ ਗੁਰਚਰਨ ਸਿੰਘ ਦਾ ਕਹਿਣਾ ਹੈ ਕਿ ਇਹ ਪੱਕਾ ਮੋਰਚਾ ਉਨ੍ਹਾਂ ਦੀਆਂ 4 ਮੁੱਖ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਹ ਪਹਿਲਾਂ ਹੀ ਪੰਜਾਬ ਸਰਕਾਰ ਨੂੰ ਆਪਣਾ ਮੰਗ ਪੱਤਰ ਦੇ ਚੁੱਕੇ ਹਨ। ਇਸ ਬਾਰੇ ਤੁਰੰਤ ਫੈਸਲਾ ਲਿਆ ਜਾਣਾ ਚਾਹੀਦਾ ਹੈ। ਮੁਹਾਲੀ ਦੇ ਵਾਈਪੀਐਸ ਚੌਕ ਨੇੜੇ ਸਿੱਖ ਜਥੇਬੰਦੀਆਂ ਨੇ ਟੈਂਟ ਲਾ ਦਿੱਤੇ ਹਨ। ਉਨ੍ਹਾਂ ਦੀ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਕੱਢਣ ਦੀ ਯੋਜਨਾ ਸੀ। ਹਾਲਾਂਕਿ ਮੁਹਾਲੀ ਅਤੇ ਚੰਡੀਗੜ੍ਹ ਪੁਲਿਸ ਵੱਲੋਂ ਸਖ਼ਤ ਬੈਰੀਕੇਡਿੰਗ ਹੋਣ ਕਾਰਨ ਉਹ ਚੰਡੀਗੜ੍ਹ ਵਿਚ ਦਾਖ਼ਲ ਨਹੀਂ ਹੋ ਸਕੇ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਇੱਥੋਂ ਨਹੀਂ ਹਟਣਗੇ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਇੱਥੋਂ ਤੱਕ ਕਿ ਦਿੱਲੀ ਤੋਂ ਵੀ ਪ੍ਰਦਰਸ਼ਨਕਾਰੀ ਇੱਥੇ ਪਹੁੰਚ ਚੁੱਕੇ ਹਨ।
ਮੁਹਾਲੀ ਵਿਚ ਸੈਂਕੜੇ ਪ੍ਰਦਰਸ਼ਨਕਾਰੀਆਂ ਦੇ ਇਕੱਠੇ ਹੋਣ ਕਾਰਨ ਇੱਥੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਮੁਹਾਲੀ ਤੋਂ ਚੰਡੀਗੜ੍ਹ ਅਤੇ ਮੁਹਾਲੀ ਦੇ ਅੰਦਰੂਨੀ ਸੈਕਟਰਾਂ ਵਿਚ ਜਾਣ ਵਾਲੇ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਟਰੈਫਿਕ ਪੁਲਿਸ ਨੇ ਗੁਰਦੁਆਰਾ ਅੰਬ ਸਾਹਿਬ ਨੇੜੇ ਸੜਕ ਨੂੰ ਆਮ ਲੋਕਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਹੈ। ਧਰਨਾਕਾਰੀ ਟਰੈਕਟਰ-ਟਰਾਲੀਆਂ ਅਤੇ ਵਾਹਨਾਂ ਵਿਚ ਇੱਥੇ ਪੁੱਜੇ ਹਨ। ਇਸ ਦੇ ਨਾਲ ਹੀ ਖਾਣ-ਪੀਣ ਦਾ ਸਮਾਨ ਵੀ ਵੱਡੀ ਮਾਤਰਾ 'ਚ ਇਕੱਠਾ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਕਈ ਸਾਲ ਬੀਤ ਚੁੱਕੇ ਹਨ। ਇਸ ਦੇ ਬਾਵਜੂਦ ਅੱਜ ਤੱਕ ਇਨ੍ਹਾਂ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੀ। ਸਿੱਖ ਬੰਦੀਆਂ ਦੀ ਰਿਹਾਈ ਸਮੇਤ ਇਸ ਮੁੱਦੇ ‘ਤੇ ਸਿੱਖ ਜਥੇਬੰਦੀਆਂ ਲੰਮੇ ਸਮੇਂ ਤੋਂ ਆਵਾਜ਼ ਉਠਾਉਂਦੀਆਂ ਆ ਰਹੀਆਂ ਹਨ।