ਪੁਰਾਣੀ ਰੰਜਿਸ਼ ਦੇ ਚਲਦਿਆਂ ਦਿੱਤਾ ਵਾਰਦਾਤ ਨੂੰ ਅੰਜਾਮ
ਮੋਗਾ: ਮੋਗਾ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਿੱਚ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਮੌਤ ਦੇ ਘਾਟ ਉਤਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ, ਮ੍ਰਿਤਕ ਲਵਪ੍ਰੀਤ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਦੇ ਨਾਲ ਮੋਗਾ ਤੋਂ ਮੇਲਾ ਵੇਖ ਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਪਿੰਡ ਵਾਪਸ ਜਾ ਰਿਹਾ ਸੀ। ਰਾਤ ਕਰੀਬ 9:30 ਵਜੇ, ਜਦੋਂ ਉਹ ਪਿੰਡ ਫਤਿਹਗੜ੍ਹ ਕੋਰੋਟਾਣਾ ਦੇ ਨੇੜੇ ਪਹੁੰਚੇ, ਤਾਂ ਪਿੱਛੋਂ ਆ ਰਹੀ ਇੱਕ ਕਾਰ ਨੇ ਉਨ੍ਹਾਂ ਦੀ ਮੋਟਰਸਾਈਕਲ ਨੂੰ ਜਾਣਬੁੱਝ ਕੇ ਟੱਕਰ ਮਾਰ ਦਿੱਤੀ।
ਟੱਕਰ ਮਾਰਨ ਤੋਂ ਬਾਅਦ ਕਾਰ ਸਵਾਰ ਹੇਠਾਂ ਉਤਰੇ ਅਤੇ ਦੋਵਾਂ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਵੱਲੋਂ ਲਵਪ੍ਰੀਤ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਸ ਦੀ ਮੌਕੇ ’ਤੇ ਹੀ ਹਾਲਤ ਨਾਜ਼ੁਕ ਹੋ ਗਈ। ਦੋਵੇਂ ਜ਼ਖ਼ਮੀਆਂ ਨੂੰ ਪਹਿਲਾਂ ਕੋਟਈਸੇਖਾਂ ਹਸਪਤਾਲ ਲਿਆਂਦਾ ਗਿਆ, ਜਿੱਥੋਂ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਲਾਜ ਦੌਰਾਨ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ, ਜਦਕਿ ਦਿਲਪ੍ਰੀਤ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਉੱਥੇ ਹੀ ਲਵਪ੍ਰੀਤ ਦੇ ਭਰਾ ਵੱਲੋਂ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਵਾਉਣ ਦੀ ਮੰਗ ਕੀਤੀ ਅਤੇ ਮਾਮਲਾ ਪੁਰਾਣੀ ਚੱਲ ਰਹੀ ਰੰਜਿਸ਼ ਦਾ ਦੱਸਿਆ ਗਿਆ। ਡੀਐਸਪੀ ਧਰਮਕੋਟ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਘਟਨਾ ਬੀਤੀ ਰਾਤ ਵਾਪਰੀ ਹੈ। ਮ੍ਰਿਤਕ ਅਤੇ ਹਮਲਾਵਰਾਂ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਲਵਪ੍ਰੀਤ ਸਿੰਘ ’ਤੇ ਪਹਿਲਾਂ ਵੀ ਲੜਾਈ-ਝਗੜੇ ਦੇ ਮਾਮਲੇ ਦਰਜ ਸਨ। ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
