
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨਾਲ 'ਘਰ-ਘਰ ਰੁਜ਼ਗਾਰ' ਦੇਣ ਦਾ ਵਾਅਦਾ ਯਾਦ...
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਨੌਜਵਾਨਾਂ ਨਾਲ 'ਘਰ-ਘਰ ਰੁਜ਼ਗਾਰ' ਦੇਣ ਦਾ ਵਾਅਦਾ ਯਾਦ ਕਰਵਾਉਂਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸਰਕਾਰ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਹਿਲਾਂ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਆਪਣਾ ਵਾਅਦਾ ਪੂਰਾ ਕਰੇ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਪਣੀ ਸਰਕਾਰ ਦੀ ਝੂਠੀ ਵਾਹੋ-ਵਾਹੀ ਖੱਟਣ ਦੇ ਮਨਸੂਬੇ ਨਾਲ ਇਸ਼ਤਿਹਾਰਾਂ ਉੱਤੇ ਕਰੋੜਾਂ ਰੁਪਏ ਖ਼ਰਚ ਕਰਨ ਦੀ ਥਾਂ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਲੋਕਾਂ ਦੇ ਕੰਮ ਕਰ ਰਹੀ ਹੈ ਤਾਂ ਫਿਰ ਉਸ ਨੂੰ ਇਸ ਬਾਰੇ ਅਖ਼ਬਾਰਾਂ ਵਿੱਚ ਝੂਠ ਬੋਲਣ ਦੀ ਕੋਈ ਲੋੜ ਨਹੀਂ ਪੈਂਦੀ। ਅਸਲ 'ਚ ਸਰਕਾਰ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ 'ਚ ਸਿੱਖਿਆ ਪ੍ਰਣਾਲੀ ਦਾ ਭੱਠਾ ਬੈਠ ਚੁੱਕਿਆ ਹੈ ਅਤੇ ਕਿਸੇ ਵੀ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਕੋਸ਼ਿਸ਼ ਨਹੀਂ ਕੀਤੀ।
Ghar Ghar Rozgar-1
ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਸਕੂਲਾਂ ਵਿੱਚ ਵਰ੍ਹਿਆਂ ਤੋਂ ਕੋਈ ਭਰਤੀ ਨਹੀਂ ਕੀਤੀ ਹੈ ਜਿਸ ਕਾਰਨ ਅਧਿਆਪਕਾਂ ਦੀ ਘਾਟ ਦੀ ਮਾਰ ਝੱਲ ਰਹੇ ਸਕੂਲ ਅਤੇ ਕਾਲਜ ਚੰਗੇ ਨਤੀਜੇ ਲਿਆਉਣ ਵਿੱਚ ਫ਼ੇਲ੍ਹ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਕਾਂਗਰਸ ਪਾਰਟੀ ਲਈ ਸ਼ਰਮ ਵਾਲੀ ਗੱਲ ਹੈ ਕਿ ਸੂਬੇ ਵਿੱਚ ਲੱਖਾਂ ਈਟੀਟੀ ਟੈੱਟ ਪਾਸ ਵਿਦਿਆਰਥੀ ਆਪਣੀ ਨੌਕਰੀ ਦੀ ਮੰਗ ਲਈ ਧਰਨੇ ਅਤੇ ਮੁਜ਼ਾਹਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਮਾੜਾ ਕੀ ਹੋ ਸਕਦਾ ਹੈ ਕਿ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤ ਕਰਨ ਲਈ ਟੈਂਕੀਆਂ ਉੱਤੇ ਚੜ੍ਹਨਾ ਪਵੇ ਜਾਂ ਆਪਣੇ ਸਰੀਰ ਤੇ ਪੈਟਰੋਲ ਛਿੜਕਣਾ ਪਵੇ।
ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਸੂਬੇ 'ਚ ਉੱਚ ਸਿੱਖਿਆ ਦੀਆਂ ਡਿਗਰੀਆਂ ਹੱਥਾਂ ਵਿੱਚ ਫੜ ਕੇ ਘੁੰਮ ਰਹੇ ਵਿਦਿਆਰਥੀਆਂ ਲਈ ਨੌਕਰੀਆਂ ਦੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁਜ਼ਾਹਰਾਕਾਰੀ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਮੰਨਦਿਆਂ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਹਿਲਾਂ ਈਟੀਟੀ ਅਧਿਆਪਕਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰੇ।