
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸੂਬੇ ਦੀਆਂ 100...
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸੂਬੇ ਦੀਆਂ 100 ਔਰਤਾਂ ਦਾ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਦੁਨੀਆਂ ਨੂੰ ਬਿਹਤਰ ਬਨਾਉਣ 'ਚ ਔਰਤਾਂ ਵੱਡਾ ਯੋਗਦਾਨ ਪਾ ਰਹੀਆਂ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਕੰਮਾਂ ਨੂੰ ਪਛਾਣ ਦੇਣ ਲਈ ਉਨ੍ਹਾਂ ਦਾ ਸਨਮਾਨ ਕਰਨ ਦੀ ਲੋੜ ਹੈ।
Manisha Gulati
ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਔਰਤਾਂ ਨੂੰ ਦਿੱਤਾ ਜਾਵੇਗਾ, ਜੋ ਸਿੱਖਿਆ, ਸਿਹਤ, ਉੱਦਮੀਕਰਨ, ਐਨ.ਜੀ.ਓ., ਅਧਿਆਪਨ, ਡਾਕਟਰੀ, ਸੰਗੀਤ, ਕਲਾ, ਸਾਹਿਤ, ਖੇਤੀਬਾੜੀ, ਸਵੈ-ਸਹਾਇਤਾ ਗਰੁੱਪ, ਪ੍ਰਸ਼ਾਸਨਿਕ ਸੇਵਾਵਾਂ, ਵਕਾਲਤ, ਪੱਤਰਕਾਰੀ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੀਆਂ ਹਨ। ਇਸ ਤੋਂ ਇਲਾਵਾ ਕਾਮਯਾਬੀ ਹਾਸਲ ਕਰਨ ਵਾਲੀਆਂ ਦਿਵਿਆਂਗ ਔਰਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਸਮਾਗਮ ਇਸ ਸਾਲ ਅਗਸਤ ਮਹੀਨੇ 'ਚ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਣਗੇ। ਅਗਲੇ ਸਾਲ ਤੋਂ ਇਹ ਸਮਾਗਮ ਹਰ ਸਾਲ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਰਵਾਇਆ ਜਾਵੇਗਾ।