
ਮਾਮਲਾ ਅਦਾਲਤ ਵਿਚ ਜਾਣ ਤੋਂ ਬਾਅਦ ਵੀ ਸਿਮਰਜੀਤ ਸਿੰਘ ਬੈਂਸ ਪੇਸ਼ ਨਹੀਂ ਹੋਏ। ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ।
ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਨ ਸਭਾ ਹਲਕਾ ਆਤਮਨਗਰ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰੋਨਾ ਵਾਇਰਸ ਦੀਆਂ ਹਦਾਇਤਾਂ ਦੀ ਉਲੰਘਣਾ ਦੇ ਇਕ ਮਾਮਲੇ ਵਿਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਹੈ। ਕੋਰੋਨਾ ਮਹਾਮਾਰੀ ਦੌਰਾਨ ਉਹਨਾਂ ਨੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਫੀ ਲੋਕ ਇਕੱਠੇ ਹੋਏ ਸਨ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਹੋਈ।
ਪੁਲਿਸ ਵਲੋਂ ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ ਅਤੇ ਮਾਮਲਾ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿਚ ਭੇਜਿਆ ਗਿਆ ਸੀ। ਮਾਮਲਾ ਅਦਾਲਤ ਵਿਚ ਜਾਣ ਤੋਂ ਬਾਅਦ ਵੀ ਸਿਮਰਜੀਤ ਸਿੰਘ ਬੈਂਸ ਪੇਸ਼ ਨਹੀਂ ਹੋਏ। ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ।
ਹੁਣ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਕੋਰੋਨਾ ਦੇ ਸਮੇਂ ਦੌਰਾਨ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਕੋਵਿਡ ਪ੍ਰੋਟੋਕੋਲ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ।