
ਸੁਨੀਲ ਕੁਮਾਰ ਨੇ ਦੱਸਿਆ ਕਿ ਉਹਨਾਂ ਨੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁਲਾਕਾਤ ਵੀ ਕੀਤੀ।
ਪਟਿਆਲਾ: ਨਗਰ ਸੁਧਾਰ ਟਰੱਸਟ ਪਟਿਆਲਾ ਨੇ ਬਿਨ੍ਹਾਂ ਦੱਸੇ 28 ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ। ਇਸ ਮਗਰੋਂ ਕਰਮਚਾਰੀਆਂ ਨੇ ਪ੍ਰਸ਼ਾਸਨ ਨੂੰ ਮੰਗ ਪੱਤਰ ਵੀ ਸੌਂਪਿਆ ਪਰ ਕੋਈ ਸੁਣਵਾਈ ਨਹੀਂ ਹੋਈ, ਜਿਸ ਦੇ ਚਲਦਿਆਂ ਮੁਲਜ਼ਮਾਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਸੌਂਪਿਆ ਹੈ। ਇਹਨਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਫਸਰਾਂ ਦੇ ਰਿਸ਼ਤੇਦਾਰਾਂ ਨੂੰ ਰੱਖ ਕੇ ਬਾਕੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ ਹੈ।
Improvement Trust Patiala fires 28 employees
ਉਹਨਾਂ ਦਾ ਕਹਿਣਾ ਹੈ ਕਿ ਨਗਰ ਸੁਧਾਰ ਟਰੱਸਟ ਵਲੋਂ ਉਹਨਾਂ ਨਾਲ ਧੱਕਾ ਕੀਤਾ ਗਿਆ ਹੈ, ਉਹ ਸਭ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ। ਇਸ ਲਈ ਉਹਨਾਂ ਦੀ ਨੌਕਰੀ ਬਹਾਲ ਕੀਤੀ ਜਾਵੇ। ਕਰਮਚਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਨਗਰ ਸੁਧਾਰ ਟਰੱਸਟ ਪਟਿਆਲਾ ਤੋਂ 50 ਦੇ ਕਰੀਬ ਕਰਮਚਾਰੀ ਜੋ ਆਊਟ-ਸੋਰਸ 'ਤੇ ਕੰਮ ਕਰਦੇ ਸੀ। ਉਹਨਾਂ 'ਚੋਂ 28 ਕਰਮਚਾਰੀਆਂ ਨੂੰ ਐਤਵਾਰ ਨੂੰ ਫੋਨ ਕਰ ਕੇ ਸੋਮਵਾਰ ਤੋਂ ਨਾ ਆਉਣ ਲਈ ਕਿਹਾ ਗਿਆ।
ਉਹਨਾਂ ਨੇ ਅਪਣੇ ਸੀਨੀਅਰ ਅਧਿਕਾਰੀਆਂ ਨੂੰ ਕਾਰਨ ਵੀ ਪੁੱਛਿਆ ਪਰ ਉਹਨਾਂ ਨੇ ਕੋਈ ਕਾਰਨ ਨਹੀਂ ਦੱਸਿਆ। ਇਸ ਮਗਰੋਂ ਉਹਨਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ। ਉਹਨਾਂ ਨੇ ਮੰਗਲਵਾਰ ਨੂੰ ਡੀਪੀ ਪਟਿਆਲਾ ਨੂੰ ਮੰਗ ਪੱਤਰ ਵੀ ਸੌਂਪਿਆ ਪਰ ਕੋਈ ਸੁਣਵਾਈ ਨਹੀਂ। ਇਸ ਮਗਰੋਂ ਉਹਨਾਂ ਨੇ ਅੱਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਸੌਂਪਿਆ ਹੈ।
ਸੁਨੀਲ ਕੁਮਾਰ ਨੇ ਦੱਸਿਆ ਕਿ ਉਹਨਾਂ ਨੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨਾਲ ਮੁਲਾਕਾਤ ਵੀ ਕੀਤੀ। ਉਹਨਾਂ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਕੁੱਝ ਦਿਨਾਂ ਵਿਚ ਸਭ ਨੂੰ ਨਗਰ ਨਿਗਮ ਪਟਿਆਲਾ 'ਚ ਐਡਜਸਟ ਕਰਵਾ ਦੇਣਗੇ ਪਰ ਉਹਨਾਂ ਨੇ ਕੋਈ ਲਿਖਤੀ ਭਰੋਸਾ ਨਹੀਂ ਦਿੱਤਾ।