
ਰਾਜਾ ਵੜਿੰਗ ਨੇ ਸੁਖਬੀਰ ਦੀ ਤੁਲਨਾ ਜਨਰਲ ਡਾਇਰ ਨਾਲ ਕੀਤੀ
ਸਰਦੂਲਗੜ੍ਹ : ਪੰਜਾਬ ਕਾਂਗਰਸ ਨੇ ਬਠਿੰਡਾ ਦੇ ਚੋਣ ਮੈਦਾਨ ਨੂੰ ਪੂਰੀ ਤਰ੍ਹਾਂ ਭਖਾ ਦਿਤਾ ਹੈ। ਬਠਿੰਡਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਲੋਕਾਂ ਉੱਪਰ ਗੋਲੀ ਚਲਾਉਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦੂਜਾ ਜਨਰਲ ਡਾਇਰ ਕਰਾਰ ਦਿਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਮੁਲਕ ਦੀ ਧਰਮ ਨਿਰਪੱਖ ਵਿਚਾਰਧਾਰਾ ਨੂੰ ਕਿਸੇ ਵੀ ਕੀਮਤ 'ਤੇ ਤਬਾਹ ਨਹੀਂ ਹੋਣ ਦੇਵੇਗੀ।
Rally at Bathinda
ਅਕਾਲੀਆਂ ਅਤੇ ਉਸ ਦੇ ਭਾਈਵਾਲ ਭਾਜਪਾ ਦੇ ਵਿਰੁਧ ਜ਼ੋਰਦਾਰ ਹੱਲਾ ਬੋਲਦਿਆਂ ਕੈਪਟਨ ਨੇ ਕਿਹਾ ਕਿ ਸਿਰਫ ਕਾਂਗਰਸ ਹੀ ਪੰਜਾਬ ਅਤੇ ਮੁਲਕ ਦੀ ਤਰੱਕੀ ਨੂੰ ਯਕੀਨੀ ਬਣਾ ਸਕਦੀ ਹੈ। ਉਨ੍ਹਾਂ ਨੇ 1.2 ਲੱਖ ਅਸਾਮੀਆਂ ਭਰਨ ਦਾ ਵੀ ਵਾਅਦਾ ਕੀਤਾ ਜਿਸ ਨੂੰ ਪਿਛਲੀ ਸਰਕਾਰ ਨੇ ਪੂਰੀ ਤਰ੍ਹਾਂ ਅਣਗੌਲਿਆ ਕਰ ਕੇ ਸਰਕਾਰ ਦੇ ਫ਼ੰਡਾਂ ਅਤੇ ਵਸੀਲਿਆਂ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸਿਰਫ਼ 40 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਜਦਕਿ ਉਨ੍ਹਾਂ ਦੀ ਸਰਕਾਰ ਨੇ ਦੋ ਸਾਲਾਂ ਵਿਚ ਹੀ ਅੱਠ ਲੱਖ ਤੋਂ ਵੱਧ ਨੌਕਰੀਆਂ ਮੁਹਈਆ ਕਰਵਾਈਆਂ।
Amrinder Singh Raja Warring
ਵੜਿੰਗ ਦੀ ਸੁਰ ਨਾਲ ਸੁਰ ਮਿਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਇਜਾਜ਼ਤ ਤੋਂ ਬਿਨਾਂ ਗੋਲੀ ਨਹੀਂ ਚੱਲ ਸਕਦੀ ਸੀ। ਉਨ੍ਹਾਂ ਕਿਹਾ ਕਿ ਅਪਣੇ ਸਿਆਸੀ ਹਿੱਤਾਂ ਲਈ ਸ਼ਰਮਨਾਕ ਘਟਨਾਵਾਂ ਨੂੰ ਅੰਜਾਮ ਦਿਤਾ ਅਤੇ ਫਿਰ ਇਸ ਉਪਰ ਪਰਦਾ ਪਾਇਆ। ਕੈਪਟਨ ਨੇ ਬਾਦਲ ਨੂੰ ਚਿਤਾਵਨੀ ਦਿਤੀ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਮੁਕੰਮਲ ਕੀਤੀ ਜਾਵੇਗੀ ਅਤੇ ਇਸ ਕਾਰੇ ਲਈ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
Rally at Bathinda
ਪੰਜਾਬ ਦਾ ਬਾਰਦਾਨਾ ਹਰਿਆਣਾ ਨੂੰ ਭੇਜਣ 'ਤੇ ਹਰਸਿਮਰਤ ਅਤੇ ਅਕਾਲੀਆਂ ਦੀ ਕਰੜੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਤਾਂ ਕਿਸਾਨਾਂ ਦੀ ਪ੍ਰਵਾਹ ਤਕ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਉੱਤਰ ਪ੍ਰਦੇਸ਼ ਤੋਂ ਬਾਰਦਾਨੇ ਦਾ ਬੰਦੋਬਸਤ ਕੀਤਾ ਹੈ ਅਤੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ।