
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ।
Lok Sabha Elections 2024: ਦੋਆਬਾ ਖੇਤਰ ਵਿਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਵੀ ਵੱਡਾ ਝਟਕਾ ਲੱਗਿਆ ਹੈ। ਦੋਆਬੇ ਦੇ ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਲੋਕ ਸਭਾ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।
'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਰਾਕੇਸ਼ ਸੋਮਨ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ। ਰਾਕੇਸ਼ ਸੋਮਨ ਬਸਪਾ ਦੇ ਬਹੁਤ ਹੀ ਸੀਨੀਅਰ ਆਗੂ ਸਨ। ਉਹ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਦਲਿਤ ਲੋਕਾਂ ਵਿਚ ਉਨ੍ਹਾਂ ਦਾ ਚੰਗਾ ਪ੍ਰਭਾਵ ਅਤੇ ਪ੍ਰਸਿੱਧੀ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਬਸਪਾ ਲਈ ਵੱਡਾ ਝਟਕਾ ਹੈ।
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗ਼ਰੀਬਾਂ, ਦਲਿਤਾਂ ਅਤੇ ਬੇਰੁਜ਼ਗਾਰਾਂ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿਚ ਕੀਤੇ ਉਨ੍ਹਾਂ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਮੈਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਗ਼ਰੀਬਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਇਕ ਨੇਕ ਕਾਰਜ ਹੈ ਅਤੇ ਸਰਕਾਰ ਇਸ ਲਈ ਲਗਾਤਾਰ ਕੰਮ ਕਰ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਪਣੇ ਬਿਆਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀਆਂ ਸਹੂਲਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ। ਪਿਛਲੇ ਦੋ ਸਾਲਾਂ ਵਿਚ ਅਸੀਂ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਕੰਮ ਕੀਤੇ ਹਨ। ਅਸੀਂ ਆਮ ਲੋਕਾਂ ਦੇ ਇਲਾਜ ਲਈ 829 ਦੇ ਕਰੀਬ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ ਅਤੇ ਗ਼ਰੀਬਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸਕੂਲ ਆਫ਼ ਐਮੀਨੈਂਸ ਬਣਾ ਰਹੇ ਹਾਂ, ਜਿਨ੍ਹਾਂ ਵਿਚ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਹੂਲਤਾਂ ਹਨ। ਅਸੀਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ। ਅੱਜ ਸੂਬੇ ਦੇ ਕਰੀਬ 90 ਫੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਕੰਮਾਂ ਦੇ ਬਲਬੂਤੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ, ਇਸ ਲਈ ਸਾਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਨੂੰ ਜਿਤਾਉਣ ਲਈ ਕਾਫੀ ਉਤਸ਼ਾਹਿਤ ਹਨ।
(For more Punjabi news apart from Rakesh Suman, BSP candidate from Hoshiarpur joins aap, stay tuned to Rozana Spokesman)