
ਭਾਜਪਾ ਕੇ ਛੱਡ ਮਲਵਿੰਦਰ ਸਿੰਘ ਕੰਗ 'ਆਪ' ਵਿਚ ਹੋਏ ਸ਼ਾਮਲ
ਚੰਡੀਗੜ੍ਹ, 7 ਜੁਲਾਈ (ਸੁਰਜੀਤ ਸਿੰਘ ਸੱਤੀ): ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਰਹੇ ਮਲਵਿੰਦਰ ਸਿੰਘ ਕੰਗ ਅਪਣੇ ਸਾਥੀਆਂ ਨਾਲ ਅੱਜ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ | ਕੰਗ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਵਿਚ ਲਗਾਤਾਰ ਦੋ ਵਾਰ ਪ੍ਰਧਾਨ ਵੀ ਰਹੇ | ਉਨ੍ਹਾਂ ਨੇ ਕਿਸਾਨੀ ਵਿਰੋਧੀ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਤੋਂ ਅਸਤੀਫ਼ਾ ਦੇ ਦਿਤਾ ਸੀ | ਕੰਗ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਰਸਮੀ ਤੌਰ 'ਤੇ ਸਵਾਗਤ ਕੀਤਾ | ਜਰਨੈਲ ਸਿੰਘ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਰਾਜਨੀਤਕ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ 'ਆਪ' ਨਾਲ ਜੁੜ ਰਿਹਾ ਹੈ |