ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਕੀਤੀ ਜਾਵੇਗੀ ਅਰਦਾਸ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ 14 ਜੁਲਾਈ 2026 ਨੂੰ ਸ਼ਾਮ 6 ਵਜੇ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਪੰਜਾਬ ਅੰਦਰ ਬੀਤੇ ਸਮੇਂ ਦੌਰਾਨ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਕੀਤਾ ਜਾ ਰਿਹਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਇਹ ਅਰਦਾਸ ਸਮਾਗਮ ਵਿਸ਼ੇਸ਼ ਤੌਰ 'ਤੇ ਉਨ੍ਹਾਂ ਲਾਵਾਰਿਸ ਕਤਲ ਕੀਤੇ ਨੌਜਵਾਨਾਂ ਦੀ ਯਾਦ ਵਿੱਚ ਹੈ, ਜਿਨ੍ਹਾਂ ਦਾ ਸੱਚ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਦੁਨੀਆ ਸਾਹਮਣੇ ਉਜਾਗਰ ਕੀਤਾ ਸੀ।
ਸਮਾਗਮ ਲਈ ਹਰੀਕੇ ਪੱਤਣ ਦੀ ਚੋਣ ਇਸ ਲਈ ਕੀਤੀ ਗਈ ਹੈ ਕਿਉਂਕਿ ਉਸ ਦੌਰਾਨ ਮਾਰੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਇਸੇ ਦਰਿਆ ਵਿੱਚ ਰੋੜ੍ਹੇ ਜਾਣ ਦੇ ਤੱਥ ਸਾਹਮਣੇ ਆਏ ਸਨ।
ਜਥੇਦਾਰ ਵੱਲੋਂ 1984 ਅਤੇ ਉਸ ਤੋਂ ਬਾਅਦ ਦੇ ਦਹਾਕਿਆਂ ਦੇ ਸਮੂਹ ਪੀੜਤ ਪਰਿਵਾਰਾਂ, ਮਨੁੱਖੀ ਅਧਿਕਾਰ ਕਾਰਕੁੰਨਾਂ, ਵਕੀਲਾਂ ਅਤੇ ਖ਼ਾਸ ਕਰਕੇ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿਵਾਉਣ ਵਾਲੇ ਪਰਿਵਾਰਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ।
ਇਸ ਧਾਰਮਿਕ ਸਮਾਗਮ ਦੌਰਾਨ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ ਅਤੇ ਉਪਰੰਤ ਸੰਗਤੀ ਰੂਪ ਵਿੱਚ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।
