ਇਹ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਹਰਿਆਲੀ ਵਧਾਉਣ ਅਤੇ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇਸ ਸਾਲ ਲਗਭਗ 1.50 ਕਰੋੜ ਬੂਟੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ। ਇਸ ਤਹਿਤ ਸੂਬੇ ਦੇ 23 ਜ਼ਿਲ੍ਹਿਆਂ ਵਿੱਚੋਂ ਹਰੇਕ ਜ਼ਿਲ੍ਹੇ ਵਿੱਚ ਕਰੀਬ 6.50 ਲੱਖ ਬੂਟੇ ਲਗਾਏ ਜਾਣਗੇ।
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਚਲਾਈ ਜਾਣ ਵਾਲੀ ਇਹ ਮੁਹਿੰਮ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ।
ਚੰਡੀਗੜ੍ਹ ਵਿੱਚ ਹੋਈ ਸਮੀਖਿਆ ਮੀਟਿੰਗ ਦੌਰਾਨ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਵਿਸਥਾਰਪੂਰਵਕ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਦੀ ਮੁਹਿੰਮ ਨੂੰ ਲੋਕ ਭਾਗੀਦਾਰੀ ਨਾਲ ਜੋੜਨ ਲਈ ਸਮਾਜ ਦੇ ਵੱਖ-ਵੱਖ ਖੇਤਰਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਸਹਿਯੋਗ ਵੀ ਲਿਆ ਜਾਵੇ।
ਮੰਤਰੀ ਨੇ ਸੂਬਾਈ ਰਾਜਮਾਰਗਾਂ ਦੇ ਦੋਵੇਂ ਪਾਸਿਆਂ ‘ਤੇ ਚੁਣੀਆਂ ਥਾਵਾਂ ’ਤੇ ਵੱਡੇ ਪੱਧਰ ’ਤੇ ਰੁੱਖ ਲਗਾਉਣ ਲਈ ਉਚਿਤ ਸਥਾਨਾਂ ਦੀ ਪਛਾਣ ਕਰਨ ਅਤੇ ਇਸ ਸਬੰਧੀ ਵੇਰਵੇ 10 ਜੂਨ ਤੱਕ ਹੈੱਡਕੁਆਟਰ ਭੇਜਣ ਲਈ ਕਿਹਾ।
ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਗ੍ਰੀਨ ਪੰਜਾਬ ਮਿਸ਼ਨ ਸਮੇਤ ਵੱਖ-ਵੱਖ ਯੋਜਨਾਵਾਂ ਅਧੀਨ 584 ਹੈਕਟੇਅਰ ਰਕਬੇ ਵਿੱਚ ਪੌਦੇ ਲਗਾਏ ਜਾਣੇ ।
ਇਸ ਤੋਂ ਇਲਾਵਾ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 650 ਨਾਨਕ ਬਗੀਚੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸਕੂਲਾਂ, ਕਾਲਜਾਂ, ਹਸਪਤਾਲਾਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਐਗਰੋ ਫਾਰੈਸਟਰੀ ਯੋਜਨਾ ਤਹਿਤ ਕਰੀਬ 3 ਲੱਖ ਬੂਟੇ ਲਗਾਉਣ ਦਾ ਵੀ ਟੀਚਾ ਰੱਖਿਆ ਗਿਆ ਹੈ। ਇਸ ਦੌਰਾਨ ਰੁੱਖ ਲਗਾਉਣ ਦੀ ਪ੍ਰਗਤੀ ਦੀ ਨਿਗਰਾਨੀ ਲਈ ਤਿਆਰ ਕੀਤੀ ਗਈ। ਮਾਨੀਟਰਿੰਗ ਅਤੇ ਮੁਲਾਂਕਣ ਐਪ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਮੀਟਿੰਗ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।
