
ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ, ਮੋਹਾਲੀ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਅਤੇ ਨਸ਼ਿਆਂ ਦੇ ਵਿਰੁੱਧ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ..............
ਐਸ.ਏ.ਐਸ ਨਗਰ : ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ, ਮੋਹਾਲੀ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਅਤੇ ਨਸ਼ਿਆਂ ਦੇ ਵਿਰੁੱਧ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਸੈਕਟਰ 69 ਤੋਂ ਸ਼ੁਰੂ ਹੋ ਕੇ ਲਗਭਗ ਦੋ ਕਿੱਲੋਮੀਟਰ ਦੇ ਦਾਇਰੇ ਵਿਚ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਸਕੂਲ ਜਾ ਕੇ ਖ਼ਤਮ ਹੋਈ। ਇਸ ਰੈਲੀ ਵਿਚ ਵਿਦਿਆਰਥੀਆਂ ਦੇ ਨਾਲ ਨਾਲ ਐਨ.ਸੀ.ਸੀ ਕੈਡਟਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ, ਪੌਦੇ ਲਗਾਉਣ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਰਹਿਣ ਦੇ ਪੋਸਟਰ ਹੱਥਾਂ ਵਿਚ ਫੜ ਆਮ ਨਾਗਰਿਕਾਂ ਨੂੰ ਇਨ੍ਹਾਂ ਸਮਾਜਿਕ ਬੁਰਾਈਆਂ ਸਬੰਧੀ ਜਾਗਰੂਕ ਕੀਤਾ। ਸਕੂਲ ਦੇ ਅਧਿਆਪਕਾਂ ਨੇ ਵੀ ਹਿੱਸਾ ਲੈਂਦਿਆਂ ਆਮ ਲੋਕਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ, ਨਸ਼ਿਆਂ ਤੋਂ ਦੂਰ ਰਹਿਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਅਤੇ ਤੰਦਰੁਸਤ ਜੀਵਨ ਲਈ ਅੱਗੇ ਆ ਕੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਨਸ਼ੇ ਦੇ ਖ਼ਾਤਮੇ ਲਈ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਨ। ਸਕੂਲ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਇਸ ਰੈਲੀ ਨੂੰ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਨਸ਼ਿਆਂ, ਸਾਫ਼ ਸਫ਼ਾਈ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ।
ਉਨ੍ਹਾਂ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਦੇ ਹੋਏ ਕਿਹਾ ਕਿ ਇਕ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਾਫ਼ ਸੁਥਰਾ ਵਾਤਾਵਰਨ ਦਾ ਹੋਣਾ ਬਹੁਤ ਜ਼ਰੂਰੀ ਹੈ । ਜਦ ਕਿ ਅੱਜ ਸਾਡਾ ਵਾਤਾਵਰਨ ਭਾਰੀ ਪ੍ਰਦੂਸ਼ਿਤ ਹੋ ਚੁੱਕਾ ਹੈ। ਜੋ ਕਿ ਸਾਡੇ ਲਈ ਅਤੇ ਆਉਣ ਵਾਲੀਆਂ ਪੀੜੀਆਂ ਲਈ ਵੀ ਇਹ ਖ਼ਤਰੇ ਦੀ ਨਿਸ਼ਾਨੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਇਸ ਸਮੱਸਿਆ ਨਾਲ ਲੜਨ ਦੀ ਜਰੂਰਤ ਹੈ।