ਕੈਪਟਨ ਅਮਰਿਦਰ ਸਿੰਘ ਨੇ ਪੀੜਤ ਪਰਵਾਰਾਂ ਨਾਲ ਕੀਤਾ ਦੁੱਖ ਸਾਂਝਾ
ਤਰਨ ਤਾਰਨ: ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਤ ਹੋਏ ਪਰਵਾਰਾਂ ਨੂੰ ਦਿਲਾਸਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੀੜਤ ਪਰਵਾਰਾਂ ਲਈ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਤਰਨ ਤਾਰਨ ਦਾ ਦੌਰਾ ਕਰ ਕੇ ਜ਼ਿਲ੍ਹੇ ਦੇ ਪੀੜਤ ਪਰਵਾਰਾਂ ਨਾਲ ਅਪਣੀ ਹਮਦਰਦੀ ਜ਼ਾਹਰ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸੰਗੀਨ ਜੁਰਮ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਰਵਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਸ ਤਰਾਸਦੀ ਵਿਚ ਜਿਨ੍ਹਾਂ ਪੀੜਤਾਂ ਦੀ ਅੱਖਾਂ ਦੀ ਰੌਸ਼ਨੀ ਚਲੀ ਗਈ, ਉਨ੍ਹਾਂ ਨੂੰ ਵੀ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮਿਲੇਗੀ। ਮੁੱਖ ਮੰਤਰੀ ਨੇ 92 ਪੀੜਤ ਪਰਵਾਰਾਂ ਦੀ ਸਹਾਇਤਾ ਲਈ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ 2.92 ਕਰੋੜ ਰੁਪਏ ਦਾ ਚੈੱਕ ਸੌਂਪਿਆ। ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਬੇਰਹਿਮ ਜੁਰਮ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨੇ ਹੀ ਅਸਰ-ਰਸੂਖ ਵਾਲੇ ਕਿਉਂ ਨਾ ਹੋਣ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਹੈ ਅਤੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਸ ਜਾਂਚ ਵਿਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾਂ ਮੌਤਾਂ ਨੂੰ ਕਤਲ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਾਫ ਤੌਰ 'ਤੇ ਕਿਹਾ ਕਿ ਇਸ ਘਿਨਾਉਣੇ ਜੁਰਮ ਦੇ ਦੋਸ਼ੀ ਰਹਿਮ ਦੇ ਹੱਕਦਾਰ ਨਹੀਂ ਹਨ ਕਿਉਂਕਿ ਇਹ ਦੁਖਾਂਤ ਮਨੁੱਖ ਦੀ ਦੇਣ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਲਈ ਇਨ੍ਹਾਂ ਮਾਮਲਿਆਂ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ ਵਾਸਤੇ ਵਿਸ਼ੇਸ਼ ਪੈਰਵੀ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਸ ਨਾ-ਮੁਆਫ਼ੀਯੋਗ ਅਪਰਾਧ ਲਈ ਜ਼ਿੰਮੇਵਾਰ ਲੋਕਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ ਤਾਕਿ ਭਵਿੱਖ ਵਿਚ ਹੋਰਾਂ ਨੂੰ ਸਬਕ ਮਿਲ ਸਕੇ। ਇਸ ਮੌਕੇ 'ਤੇ ਸੰਵੇਦੀਨਸ਼ੀਲ ਮੁੱਦੇ 'ਤੇ ਸਿਆਸਤ ਤੋਂ ਗੁਰੇਜ਼ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦੀ ਇਸ ਘੜੀ ਵਿਚ ਰੁਜ਼ਗਾਰ ਦੇਣ, ਸਿਖਿਆ ਅਤੇ ਸਮਾਜਕ ਸੁਰੱਖਿਆ ਲਾਭ ਮੁਹਈਆ ਕਰਵਾ ਕੇ ਪੀੜਤ ਪਰਵਾਰਾਂ ਦੀ ਸਹਾਇਤਾ ਕਰਨ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ ਦੇ ਚੇਅਰਮੈਨ ਤੇ ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਸੰਤੋਖ ਸਿੰਘ ਭਲਾਈਪੁਰ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ ਅਤੇ ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਸ਼ਾਮਲ ਸਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।