
ਪਿਛਲੇ ਹਫ਼ਤੇ 472 ਨਸ਼ਾ ਤਸਕਰ/ਸਪਲਾਇਰ 5.53 ਕਿਲੋ ਹੈਰੋਇਨ, 21.9 ਕਿਲੋ ਅਫ਼ੀਮ, 21.5 ਕਿਲੋ ਗਾਂਜਾ, 1.46 ਲੱਖ ਨਸ਼ੇ ਦੀਆਂ ਗੋਲੀਆਂ ਸਣੇ ਗ੍ਰਿਫ਼ਤਾਰ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਨੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਮੱਦੇਨਜ਼ਰ ਸੁਰੂ ਕੀਤੀ ਆਪਣੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪਿਛਲੇ ਇੱਕ ਮਹੀਨੇ ਦੌਰਾਨ ਅਜਿਹੇ 141 ਪੀਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਸੋਮਵਾਰ ਨੂੰ ਇੱਥੇ ਹੈੱਡਕੁਆਰਟਰ ਦੇ ਆਈ.ਜੀ.ਪੀ. ਡਾ. ਸੁਖਚੈਨ ਸਿੰਘ ਗਿੱਲ ਨੇ ਦਿੱਤੀ।
ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਡਾ: ਗਿੱਲ ਨੇ ਨਸ਼ਾ ਤਸਕਰੀ ਦੇ ਨਵੇਂ ਰੁਝਾਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਨਸ਼ੇ ਦੇ ਸਪਲਾਇਰਾਂ ਨੇ ਨਸ਼ਾ ਤਸਕਰੀ ਨੂੰ ਸੁਰੱਖਿਅਤ ਢੰਗ ਨਾਲ ਕਰਨ ਲਈ ਔਰਤਾਂ ਨੂੰ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਨਸ਼ਾ ਤਸਕਰਾਂ ਨੇ ਅੱਜ ਕੱਲ ਤਸਕਰੀ ਕਰਨ ਲਈ ਪਬਲਿਕ ਟਰਾਂਸਪੋਰਟ ਵਰਤਣ ਨੂੰ ਤਰਜੀਹ ਦੇਣ ਲੱਗੇ ਹਨ, ਜਿਨਾਂ ਨੂੰ ਟਰੈਕ ਕਰਨ ਲਈ ਵਧੇਰੇ ਮਨੁੱਖੀ ਚੌਕਸੀ ਦੀ ਲੋੜ ਹੁੰਦੀ ਹੈ।
ਨਸ਼ਿਆਂ ਬਾਰੇ ਹਫਤਾਵਾਰੀ ਅੱਪਡੇਟ ਦਿੰਦੇ ਹੋਏ ਉਹਨਾਂ ਕਿਹਾ ਕਿ ਪੰਜਾਬ ਪੁਲਿਸ ਨੇ ਪਿਛਲੇ ਇੱਕ ਹਫ਼ਤੇ ਦੌਰਾਨ ਰਾਜ ਭਰ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 354 ਐਫ.ਆਈ.ਆਰਜ., ਜਿਨਾਂ ਵਿੱਚ 36 ਵਪਾਰਕ ਮਾਮਲੇ ਦੀਆਂ ਹਨ, ਦਰਜ ਕਰਕੇ 472 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਕੋਲੋਂ 5.53 ਕਿਲੋ ਹੈਰੋਇਨ, 21.9 ਕਿਲੋ ਅਫੀਮ, 21.5 ਕਿਲੋ ਗਾਂਜਾ, 6 ਕਵਿੰਟਟਲ ਭੁੱਕੀ ਅਤੇ 1.46 ਲੱਖ ਨਸ਼ੀਲਆਂ ਗੋਲੀਆਂ/ਕੈਪਸੂਲ/ਟੀਕੇ/ਮੈਡੀਕਲ ਨਸ਼ੇ ਦੀਆਂ ਸ਼ੀਸ਼ੀਆਂ ਜ਼ਬਤੀ ਕਰਨ ਤੋਂ ਇਲਾਵਾ 23.37 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਉਹਨਾਂ ਦੱਸਿਆ ਕਿ ਇਹ ਕਾਰਵਾਈ ਪੁਲਿਸ ਵਲੋਂ ਨਸ਼ਾ ਪ੍ਰਭਾਵਤ ਖੇਤਰਾਂ ਦੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਅਤੇ ਨਾਕਾਬੰਦੀ ਤੋਂ ਬਾਅਦ ਅਮਲ ਵਿੱਚ ਆਈ ਹੈ ।
ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ/ਸਪਲਾਇਰਾਂ ‘ਤੇ ਸ਼ਿਕੰਜਾ ਕੱਸਣ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇਸ ਨਸ਼ੇ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦੇ ਮੁੜ ਵਸੇਬੇ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਹਾਨੀਕਾਰਕ ਅਤੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਸਾਰੇ ਸੀ.ਪੀ./ਐਸ.ਐਸ.ਪੀਜ ਵੱਲੋਂ ਆਪੋ-ਆਪਣੇ ਜ਼ਿਲਿਆਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਨਤਕ ਮੀਟਿੰਗਾਂ, ਨਸ਼ਾ ਪ੍ਰਭਾਵਿਤ ਪਿੰਡਾਂ ਦਾ ਦੌਰਾ, ਸੈਮੀਨਾਰ, ਵਿਧਾਇਕਾਂ, ਸਰਪੰਚਾਂ ਅਤੇ ਕੌਂਸਲਰਾਂ ਨਾਲ ਸਾਂਝੀਆਂ ਮੀਟਿੰਗਾਂ ਕਰਨ ਤੋਂ ਇਲਾਵਾ ਗੈਰ ਸਰਕਾਰੀ ਸੰਸਥਾਵਾਂ ਅਤੇ ਯੂਥ ਕਲੱਬਾਂ ਨੂੰ ਸ਼ਾਮਲ ਕਰਕੇ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਬਰਨਾਲਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਹਨਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਰਿਸ਼ਟਪੁਸ਼ਟ ਰੱਖਣ ਲਈ ਚਾਰ ਰੋਜਾ ਬਾਸਕਟਬਾਲ ਲੀਗ ਅੰਡਰ-17 (ਲੜਕੇ) ਕਰਵਾਈ ਗਈ ਹੈ।
ਇਸੇ ਤਰਾਂ ਮਲੇਰਕੋਟਲਾ ਪੁਲਿਸ ਵੱਲੋਂ ‘ਸਾਂਝੀ ਸੱਥ’ ਦੇ ਸਿਰਲੇਖ ਹੇਠ ਇੱਕ ਵਿਸ਼ਾਲ ਨਸ਼ਾ ਵਿਰੋਧੀ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਹਰੇਕ ਐਸ.ਐਚ.ਓ ਆਪਣੀ ਟੀਮ, ਜਿਸ ਵਿੱਚ ਇੱਕ ਮਹਿਲਾ ਪੁਲਿਸ ਅਧਿਕਾਰੀ ਵੀ ਸ਼ਾਮਲ ਹੈ, ਨਾਲ ਹਰ ਰੋਜ ਸ਼ਾਮ ਦੇ ਸਮੇਂ ਇੱਕ ਪਿੰਡ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਪਿੰਡ ਦੀ ਕਿਸੇ ਵੀ ਸਾਂਝੀ ਥਾਂ ‘ਤੇ ਮੁਲਾਕਾਤ ਕਰਦੇ ਹਨ। ਜਦੋਂ ਕਿ, ਸਭ ਤੋਂ ਵੱਧ ਪ੍ਰਭਾਵਿਤ ਜਾਂ ਹਾਟਸਪੌਟ ਖੇਤਰਾਂ ਦਾ ਦੌਰਾ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ ਅਤੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਸਕੇ। ਆਈ.ਜੀ.ਪੀ. ਨੇ ਕਿਹਾ ਕਿ ਨੌਜਵਾਨਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪੁਲਿਸ ਟੀਮਾਂ ਨਸ਼ੇ ਦੇ ਸ਼ਿਕਾਰ ਲੋਕਾਂ ਨੂੰ ਇਸ ਖਤਰੇ ਤੋਂ ਦੂਰ ਰਹਿਣ ਲਈ ਕਾਉਂਸਲਿੰਗ ਅਤੇ ਪ੍ਰੇਰਿਤ ਕਰ ਰਹੀਆਂ ਹਨ ਅਤੇ ਉਹਨਾਂ ਨੂੰ ਇਲਾਜ ਲਈ ਓ.ਓ.ਏ.ਟੀ ਸੈਂਟਰਾਂ ਵਿੱਚ ਭੇਜ ਕੇ ਉਹਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਵਿੱਚ ਮਦਦ ਕਰ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਡੀ.ਜੀ.ਪੀ. ਨੇ ਸਾਰੇ ਸੀਪੀਜ਼/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਅਤੇ ਉਹਨਾਂ ਦੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਲਈ ਬਦਨਾਮ ਹਾਟਸਪਾਟਸ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ’ਤੇ ਨਕੇਲ ਕੱਸਣ ਅਤੇ ਨਸ਼ਾ ਵੇਚਣ/ਤਸਕਰੀ ਕਰਨ ਵਾਲੇ ਸਾਰੇ ਵਿਅਕਤੀਆਂ ਨੂੰ ਦਬੋਚਣ ਲਈ ਤਲਾਸ਼ੀ ਮੁਹਿੰਮ ਸੁਰੂ ਕੀਤੀ ਜਾਵੇ। ਉਹਨਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸਾ ਤਸਕਰਾਂ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਤਾਂ ਜੋ ਉਹਨਾਂ ਦੇ ਨਜਾਇਜ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।