
ਵਿਜੀਲੈਂਸ ਵਲੋਂ ਦਰਜ ਕੀਤਾ ਗਿਆ ਹੈ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ
ਚੰਡੀਗੜ੍ਹ : ਭ੍ਰਿਸ਼ਟਾਚਾਰ ਵਿਰੁਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਵਿਰੁਧ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਭਾਰਤ ਇੰਦਰ ਸਿੰਘ ਚਾਹਲ ਵਿਦੇਸ਼ ਭੱਜਣ ਦੀ ਕੋਸ਼ਿਸ਼ 'ਚ ਹਨ ਜਿਸ ਦੇ ਚਲਦੇ ਵਿਜੀਲੈਂਸ ਨੇ ਉਨ੍ਹਾਂ ਵਿਰੁਧ ਲੁੱਕ ਆਊਟ ਨੋਟਿਸ ਕੱਢ ਕੇੇ ਦੇਸ਼ ਦੇ ਸਾਰੇ ਹਵਾਈ ਅੱਡਿਆਂ ’ਤੇ ਇਸ ਦੀ ਜਾਣਕਾਰੀ ਸਾਂਝੀ ਕਰ ਦਿਤੀ ਹੈ।
ਇਹ ਵੀ ਪੜ੍ਹੋ: ‘ਸਿਟੀ ਬਿਊਟੀਫੁਲ’ ਵਿਚ 6.3 ਫ਼ੀ ਸਦੀ ਨਾਲ ਬੇਰੁਜ਼ਗਾਰੀ ਦਰ ਪੰਜਾਬ ਤੋਂ ਵੀ ਵੱਧ
ਦੱਸਣਯੋਗ ਹੈ ਕਿ ਭ੍ਰਿਸ਼ਟਾਚਾਰ ਵਿਰੁਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭਰਤ ਇੰਦਰ ਸਿੰਘ ਚਾਹਲ ਵਿਰੁਧ ਆਮਦਨ ਤੋਂ ਵੱਧ ਜਾਇਦਾਦ (ਡੀ.ਏ.) ਦਾ ਕੇਸ ਦਰਜ ਕੀਤਾ ਗਿਆ ਸੀ। ਭਰਤ ਇੰਦਰ ਸਿੰਘ ਚਾਹਲ ’ਤੇ ਆਮਦਨ ਦੇ ਜਾਣੂ ਸਰੋਤਾਂ ਤੋਂ 305% ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹਨ।
ਉਧਰ ਬੀਤੇ ਕੱਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਰਤ ਇੰਦਰ ਸਿੰਘ ਚਹਿਲ ਦੀ ਪਟੀਸ਼ਨ ਦਾ ਨਿਬੇੜਾ ਕਰ ਦਿਤਾ ਸੀ। ਵਿਜੀਲੈਂਸ ਵਲੋਂ ਪੁਛਗਿਛ ਲਈ ਬੁਲਾਏ ਜਾਣ ’ਤੇ ਚਾਹਲ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਖ਼ਦਸ਼ਾ ਪ੍ਰਗਟਾਇਆ ਸੀ ਕਿ ਉਨ੍ਹਾਂ ਵਿਰੁਧ ਕਿਸੇ ਵੇਲੇ ਵੀ ਐਫ਼.ਆਈ.ਆਰ. ਦਰਜ ਕਰ ਕੇ ਉਨ੍ਹਾਂ ਨੂੰ ਕਿਸੇ ਵੇਲੇ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਲਿਹਾਜਾ ਅਗਾਉਂ ਜ਼ਮਾਨਤ ਦਿਤੀ ਜਾਵੇ।
ਇਹ ਵੀ ਪੜ੍ਹੋ: 87 ਕਿਸਮ ਦੇ ਦਰਖ਼ਤਾਂ ਨਾਲ ਬਣਿਆ ਪੰਜਾਬ ਦਾ ਪਹਿਲਾ ਜੰਗਲ
ਹਾਈਕੋਰਟ ਨੇ ਪਿਛਲੇ ਹਫ਼ਤੇ ਹੀ ਸਰਕਾਰ ਨੂੰ ਹੁਕਮ ਦਿਤਾ ਸੀ ਕਿ ਜੇਕਰ ਐਫ਼.ਆਈ.ਆਰ. ਦਰਜ ਕੀਤੀ ਜਾਂਦੀ ਹੈ ਤਾਂ ਇਸ ਬਾਰੇ ਚਾਹਲ ਨੂੰ ਜਾਣੂੰ ਕਰਵਾਇਆ ਜਾਵੇ ਤੇ ਤਿੰਨ ਦਿਨ ਤਕ ਗ੍ਰਿਫ਼ਤਾਰ ਨਾ ਕੀਤਾ ਜਾਵੇ। ਇਸੇ ’ਤੇ ਸਰਕਾਰ ਨੇ ਸੋਮਵਾਰ ਨੂੰ ਹਾਈ ਕੋਰਟ ਦੇ ਧਿਆਨ ਹਿਤ ਲਿਆਂਦਾ ਕਿ ਭਾਰਤ ਇੰਦਰ ਸਿੰਘ ਚਾਹਲ ਵਿਰੁਧ ਐਫ਼.ਆਈ.ਆਰ. ਦਰਜ ਕਰ ਲਈ ਗਈ ਹੈ, ਜਿਸ ’ਤੇ ਬੈਂਚ ਨੇ ਕਿਹਾ ਹੈ ਕਿ ਕਿਉਂਕਿ ਪਟੀਸ਼ਨ ਵਿਚਲਾ ਮੁੱਦਾ ਪੂਰਾ ਹੋ ਚੁੱਕਾ ਹੈ ਤੇ ਪਟੀਸ਼ਨ ਨੂੰ ਅੱਗੇ ਜਾਰੀ ਰੱਖਣ ਦੀ ਮਹੱਤਤਾ ਨਹੀਂ ਰਹਿ ਜਾਂਦੀ।
ਜੇਕਰ ਮਾਮਲੇ ਦੀ ਗੱਲ ਕਰੀਏ ਤਾਂ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਮਗਰੋਂ ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਮਾਰਚ 2017 ਤੋਂ ਸਤੰਬਰ 2021 ਤਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪ੍ਰਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜਾਣੂ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।