
ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਨ ਲਈ ਹਾਈ ਕੋਰਟ ਤੋਂ ਸਮਾਂ ਮੰਗਿਆ ਹੈ।
ਚੰਡੀਗੜ੍ਹ: ਸਰਹੱਦੀ ਇਲਾਕਿਆਂ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਸਬੰਧੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਬੀਐਸਐਫ ਨੇ ਆਪਣਾ ਜਵਾਬ ਦਾਖ਼ਲ ਕੀਤਾ। ਬੀਐਸਐਫ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿਚ ਹੋ ਰਹੀ ਨਾਜਾਇਜ਼ ਮਾਈਨਿੰਗ ਕਾਰਨ ਫੌਜ ਦੇ ਬੰਕਰਾਂ ਨੂੰ ਨੁਕਸਾਨ ਹੋ ਰਿਹਾ ਹੈ। ਇਸ ਨਾਲ ਬੰਕਰ ਅੰਦਰ ਧਸ ਰਹੇ ਹਨ, ਜਿਸ ਦੇ ਚਲਦਿਆਂ ਹੜ੍ਹ ਆਉਣ ਦਾ ਖਤਰਾ ਹੈ।
ਉਧਰ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖਲ ਕਰਨ ਲਈ ਹਾਈ ਕੋਰਟ ਤੋਂ ਸਮਾਂ ਮੰਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਐਸਐਫ ਨੇ ਸਰਹੱਦੀ ਖੇਤਰ ’ਤੇ ਹੋ ਰਹੀ ਮਾਈਨਿੰਗ ਨੂੰ ਸੁਰੱਖਿਆ ਲਈ ਖਤਰਾ ਦੱਸਿਆ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਰਹੱਦੀ ਖੇਤਰ 'ਚ ਹਰ ਤਰ੍ਹਾਂ ਦੀ ਮਾਈਨਿੰਗ 'ਤੇ ਪਾਬੰਦੀ ਲਗਾ ਦਿੱਤੀ ਸੀ।