
ਕਿਹਾ : ਪ੍ਰਧਾਨ ਮੰਤਰੀ ਪੰਜਾਬ ਲਈ 20 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ਼ ਦਾ ਕਰਕੇ ਜਾਣ ਐਲਾਨ
ਚੰਡੀਗੜ੍ਹ : ਪੰਜਾਬ ਇਸ ਸਮੇਂ ਹੜ੍ਹਾਂ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ। ਇਸ ਸਥਿਤੀ ਨਾਲ ਜਿਸ ਤਰ੍ਹਾਂ ਸਮੁੱਚਾ ਪੰਜਾਬ ਲੜਿਆ ਹੈ ਉਸ ਨੇ ਇਕ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਤੇ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਭਲਕੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਇਕ ਵੀ ਸ਼ਬਦ ਨਹੀਂ ਬੋਲਿਆ ਪਰ ਫਿਰ ਵੀ ਅਸੀਂ 3 ਕਰੋੜ ਪੰਜਾਬੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ।
ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਾਲ ਹੀ ’ਚ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਲਿਖਿਆ ਗਿਆ ਸੀ, ਜਿਸ ’ਚ ਉਨ੍ਹਾਂ ਲਿਖਿਆ ਸੀ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੰਜਾਬ ਦੇ ਰੋਕੇ ਗਏ ਬਕਾਏ ਨੂੰ ਤੁਰੰਤ ਰਿਲੀਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੇਂਦਰ ਸਰਕਾਰ ਵੱਲ 60 ਹਜ਼ਾਰ ਕਰੋੜ ਰੁਪਏ ਦੇ ਬਕਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਕੁਦਰਤੀ ਆਫਤ ਨਾਲ ਜੂਝ ਰਿਹਾ ਹੈ, ਬੇਸ਼ੱਕ ਪੰਜਾਬੀਆਂ ਦੀ ਮੰਗਣ ਦੀ ਆਦਤ ਨਹੀਂ ਹੈ ਪਰ ਜਦੋਂ ਵੀ ਦੇਸ਼ ’ਤੇ ਕੋਈ ਸੰਕਟ ਆਉਂਦਾ ਹੈ ਉਸ ਸਮੇਂ ਪੰਜਾਬ ਹੀ ਸਭ ਤੋਂ ਮੂਹਰੇ ਹੋ ਕੇ ਸੀਨਾ ਤਾਣ ਕੇ ਖੜ੍ਹਾ ਹੋ ਜਾਂਦਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਵਲ ਹੜ੍ਹ ਪ੍ਰਭਾਵਿਤ ਪੰਜਾਬ ਦੌਰਾ ਕਰਕੇ ਹੀ ਵਾਪਸ ਨਾ ਚਲੇ ਜਾਣ ਬਲਕਿ ਕੁਦਰਤੀ ਆਫ਼ਤ ਨਾਲ ਜੂਝ ਰਹੇ ਪੰਜਾਬ ਲਈ ਉਹ ਘੱਟੋ-ਘੱਟ 20 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ਼ ਦਾ ਐਲਾਨ ਵੀ ਕਰਕੇ ਜਾਣ, ਤਾਂ ਜੋ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਦੀ ਮਦਦ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਰਾਹਤ ਪੈਕੇਜ ਤੁਰੰਤ ਪੰਜਾਬ ਲਈ ਜਾਰੀ ਕੀਤਾ ਜਾਣਾ ਚਾਹੀਦਾ ਹੈ। ਬਾਕੀ ਰਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਦੀ ਗੱਲ, ਉਸ ਦੇ ਅਸੀਂ ਪੁਖਤਾ ਇੰਤਜ਼ਾਮ ਕਰਾਂਗੇ।