
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਪੰਜਾਬ ਨੂੰ ਫੌਰੀ ਤੌਰ ’ਤੇ ਰਾਹਤ ਦੀ ਲੋੜ
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਪੰਜਾਬ ਵਿੱਚ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਹੈ ਕਿ ਸਾਡਾ ਜੋ ਨੁਕਸਾਨ ਹੋਇਆ ਹੈ, ਇਸ ਬਾਰੇ ਕਦੇ ਨਹੀਂ ਸੋਚਿਆ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਕਰੀਬ 4 ਲੱਖ ਏਕੜ ਫਸਲ ਤਬਾਹ ਹੋ ਗਈ ਹੈ। ਬੰਨ੍ਹ ਟੁੱਟਣ ਨਾਲ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸੜਕਾਂ ਬਿਲਕੁਲ ਖਤਮ ਹੋ ਚੁੱਕੀਆਂ ਹਨ ਅਤੇ 3300 ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਦਾ 20-25 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ 60 ਹਜ਼ਾਰ ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦੇਣ ਦਾ ਵੀ ਐਲਾਨ ਕਰਕੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਫੌਰੀ ਤੌਰ ’ਤੇ ਰਾਹਤ ਦੀ ਲੋੜ ਹੈ, ਤਾਂ ਜੋ ਅਸੀਂ ਆਪਣੇ ਰੁਕੇ ਹੋਏ ਕੰਮ ਸ਼ੁਰੂ ਕਰ ਸਕੀਏ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਅਤੇ ਸਾਡੇ ਫੰਡ ਰੋਕ ਕੇ ਰੱਖੇ ਗਏ।
ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਤੁਰੰਤ ਮਦਦ ਕੀਤੀ ਜਾਵੇ। ਅਸੀਂ ਪ੍ਰਧਾਨ ਮੰਤਰੀ ਮੋਦੀ ਦਾ ਸਾਰਾ ਪੰਜਾਬ ਸਵਾਗਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਲਈ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ ਹਨ ਅਤੇ ਅੱਜ ਪੰਜਾਬ ਨੂੰ ਮਦਦ ਦੀ ਲੋੜ ਹੈ।