
ਇੱਕੋ ਪਰਿਵਾਰ ਦੇ ਪੰਜ ਜਣੇ ਗੰਭੀਰ ਜ਼ਖਮੀ
ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਪਿੰਡ ਮੰਡੌਰ ਵਿੱਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇੱਕ ਕੱਚੇ ਮਕਾਨ ਦੀ ਛੱਤ ਅਚਾਨਕ ਢਹਿ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਗੰਭੀਰ ਤੌਰ 'ਤੇ ਜ਼ਖਮੀ ਹੋ ਗਏ ਹਨ। ਜ਼ਖਮੀਆਂ ਵਿੱਚ ਪਤੀ-ਪਤਨੀ ਤੋਂ ਇਲਾਵਾ ਉਹਨਾਂ ਦੇ ਤਿੰਨ ਛੋਟੇ ਬੱਚੇ ਵੀ ਸ਼ਾਮਲ ਹਨ। ਸਾਰੇ ਜ਼ਖਮੀ ਲੋਕਾਂ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪਿੰਡ ਦੇ ਨਿਵਾਸੀ ਇੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹਾਦਸਾ ਪਿੰਡ ਦੇ ਇੱਕ ਗਰੀਬ ਮਜ਼ਦੂਰ ਪਰਿਵਾਰ ਨਾਲ ਵਾਪਰਿਆ ਹੈ, ਜੋ ਮਿਹਨਤ-ਮਜ਼ਦੂਰੀ ਕਰ ਕੇ ਆਪਣਾ ਗੁਜ਼ਾਰਾ ਕਰਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਪਰਿਵਾਰ ਨੂੰ ਵਿੱਤੀ ਮਦਦ ਦਿੱਤੀ ਜਾਵੇ।
ਪਰਿਵਾਰ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਸੀ, ਜਿਸ ਕਾਰਨ ਮਕਾਨ ਦੀ ਛੱਤ ਕਮਜ਼ੋਰ ਹੋ ਗਈ ਸੀ। ਹਾਦਸੇ ਤੋਂ ਦੋ ਦਿਨ ਪਹਿਲਾਂ ਹੀ ਛੱਤ ਦੀ ਮੁਰੰਮਤ ਕਰਵਾਈ ਗਈ ਸੀ, ਪਰ ਭਾਰੀ ਮੀਂਹ ਕਾਰਨ ਉਹ ਢਹਿ ਗਈ।
ਗੰਭੀਰ ਤੌਰ 'ਤੇ ਜ਼ਖਮੀ ਹੋਏ ਸਾਰੇ ਪੰਜੇ ਮੈਂਬਰਾਂ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਤੋਂ ਪੀੜਤ ਪਰਿਵਾਰ ਦੇ ਪੁਨਰਵਾਸ ਅਤੇ ਇਲਾਜ ਵਿੱਚ ਸਹਾਇਤਾ ਦੀ ਮੰਗ ਕੀਤੀ ਹੈ।