
ਕਰਤਾਰਪੁਰ ਲਾਂਘਾ ਖੋਲ੍ਹਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਲਾਂਘੇ ਦੇ ਮੁੱਖ ਮਾਰਗ 'ਤੇ ਕਰਵਾਇਆ ਕੀਰਤਨ ਅਤੇ ਅਰਦਾਸ
ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਕਰਤਾਰਪੁਰ ਲਾਂਘੇ ਨੂੰ ਦੁਬਾਰਾ ਖੋਲ੍ਹਣ ਦੀ ਮੰਗ ਕੀਤੀ ਗਈ। ਇਸ ਮੰਗ ਨੂੰ ਲੈ ਕੇ ਅਕਾਲੀ ਦਲ ਵੱਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਮਾਰਗ 'ਤੇ ਗੁਰਬਾਣੀ ਕੀਰਤਨ ਅਤੇ ਅਰਦਾਸ ਕਰਵਾਈ ਗਈ।
Bikram Singh Majithia
ਇਸ ਮੌਕੇ ਗੁਰਦਾਸਪੁਰ ਤੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ, ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ, ਐਮਐਲਏ ਲਖਬੀਰ ਸਿੰਘ ਲੋਧੀਨੰਗਲ ਸਮੇਤ ਜ਼ਿਲ੍ਹੇ ਦੇ ਕਈ ਅਕਾਲੀ ਵਰਕਰ ਵੀ ਮੌਜੂਦ ਸਨ। ਇਸ ਦੌਰਾਨ ਬਿਕਰਮ ਮਜੀਠੀਆ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਡੇਰਾ ਬਾਬਾ ਨਾਨਕ ਵੀ ਪਹੁੰਚੇ ਸਨ।
Kartarpur Sahib
ਅਰਦਾਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਾਰੀਆਂ ਸੰਸਥਾਵਾਂ, ਕਾਰੋਬਾਰ ਅਤੇ ਧਾਰਮਕ ਅਸਥਾਨ ਬੰਦ ਕਰ ਦਿੱਤੇ ਗਏ ਸਨ। ਇਸ ਦੌਰਾਨ ਕਰਤਾਰਪੁਰ ਲਾਂਘਾ ਵੀ ਬੰਦ ਕਰ ਦਿੱਤਾ ਗਿਆ। ਹੁਣ ਹਾਲਾਤ ਠੀਕ ਹੋਣ ਦੇ ਚਲਦਿਆਂ ਸਾਰੇ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਹਨ।
Kartarpur corridor
ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਅਪਣੇ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਹੈ, ਇਸ ਲਈ ਭਾਰਤ ਸਰਕਾਰ ਨੂੰ ਵੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ ਤਾਂ ਜੋ ਸਿੱਖ ਸੰਗਤਾਂ ਗੁਰਦੁਆਰਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਕਰਤਾਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕਣ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਕੋਲ ਜਾ ਕੇ ਵੀ ਲਾਂਘੇ ਨੂੰ ਖੋਲ੍ਹਣ ਦੀ ਮੰਗ ਕੀਤੀ ਜਾਵੇਗੀ।