
ਕਿਸਾਨਾਂ 'ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਛੱਡਣ ਤੇ ਪਾਣੀ ਦੀਆਂ ਬੁਛਾਰਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ।
ਜੰਡਿਆਲਾ ਗੁਰੂ- ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ 15ਵੇਂ ਦਿਨ ਵੀ ਧਰਨਾ ਲਗਾ ਕੇ ਬੈਠੇ ਹਨ। ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਨੇ ਹਰਿਆਣਾ 'ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਛੱਡਣ ਤੇ ਪਾਣੀ ਦੀਆਂ ਬੁਛਾਰਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਇਸ ਦੌਰਾਨ ਅੱਜ ਕਾਲੇ ਚੋਲੇ ਪਾ ਕੇ 'ਕਾਲਾ ਦਿਨ' ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।
Farmer Protestਇਸ ਦੌਰਾਨ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਚੱਲ ਰਹੇ ਪੱਕੇ ਮੋਰਚਿਆਂ ਦੇ 15ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਗਏ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਨਿਆਂ ਦੇ ਪੁਤਲੇ ਸਾੜੇ ਗਏ ਤੇ ਉਹਨਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਰੇਲ ਮਾਰਗ ਦੇਵੀਦਾਸਪੁਰ ਵਿਖੇ 11 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ।