
ਭਗਵੰਤ ਮਾਨ ਸਰਕਾਰ ਨੇ 8376 ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਨੋਟੀਫ਼ੀਕੇਸ਼ਨ ਜਾਰੀ ਕੀਤਾ
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ 36000 ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਹੋ ਗਈ ਹੈ ਸ਼ੁਰੂਆਤ
ਚੰਡੀਗੜ੍ਹ, 7 ਅਕਤੂਬਰ (ਭੁੱਲਰ) : ਭਗਵੰਤ ਮਾਨ ਸਰਕਾਰ ਨੇ ਹਾਲ ਹੀ ਵਿੱਚ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਦੀਆਂ ਲੰਬੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ 8736 ਅਧਿਆਪਕਾਂ ਨੂੰ ਰੈਗੂਲਰ ਕਰਨ ਬਾਰੇ ਅੱਜ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਹੈ | ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦਿਤੀ | ਉਨ੍ਹਾਂ ਕਿਹਾ ਕਿ ਇਸ ਨਾਲ 36000 ਕੱਚੇ ਮੁਲਾਜਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ ਬਾਕੀ ਮੁਲਾਜਮ ਭੀ ਛੇਤੀ ਹੀ ਰੈਗੂਲਰ ਕਰ ਦਿਤੇ ਜਾਣਗੇ | ਇਸੇ ਦੌਰਾਨ ਅਧਿਆਪਕਾਂ ਦੇ ਇੱਕ ਵਫਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਕੇ ਸੇਵਾਵਾਂ ਰੈਗੂਲਰ ਕਰਨ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪ੍ਰਵਾਨ ਕਰਨ ਲਈ ਉਨ੍ਹਾਂ ਦਾ ਧਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮੁੱਦੇ 'ਤੇ ਸਿਰਫ਼ ਲਾਰਾ ਲੱਪਾ ਹੀ ਲਾਇਆ ਪਰ ਆਪ ਸਰਕਾਰ ਨੇ ਸਾਰੀਆਂ ਰੁਕਾਵਟਾਂ ਦੂਰ ਕਰਕੇ ਉਨ੍ਹਾਂ ਨੂੰ ਰੈਗੂਲਰ ਕਰਨ ਦਾ ਰਾਹ ਪਧਰਾ ਕੀਤਾ | ਵਫ਼ਦ ਨੇ ਕਿਹਾ ਕਿ ਉਹ ਇਸ ਇਤਿਹਾਸਕ ਉਪਰਾਲੇ ਲਈ ਮੁੱਖ ਮੰਤਰੀ ਦੇ ਸਦਾ ਰਿਣੀ ਰਹਿਣਗੇ |
ਇਸ ਦੌਰਾਨ ਮੁੱਖ ਮੰਤਰੀ ਨੇ ਅਧਿਆਪਕਾਂ ਨੂੰ ਨੋਟੀਫ਼ੀਕੇਸ਼ਨ ਦੀ ਕਾਪੀ ਸੌਂਪਦਿਆਂ ਉਨ੍ਹਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ | ਉਨ੍ਹਾਂ ਕਿਹਾ ਕਿ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਨੋਟੀਫ਼ੀਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਹੁਣ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਚੁੱਕੇ ਹਨ | ਭਗਵੰਤ ਮਾਨ ਨੇ ਅਫ਼ਸੋਸ ਜਾਹਿਰ ਕਰਦਿਆਂ ਕਿਹਾ ਕਿ ਇਹ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਸਨ | ਇਥੋਂ ਤਕ ਕਿ ਇਨ੍ਹਾਂ 'ਚੋਂ ਕੁੱਝ ਅਧਿਆਪਕ ਪਿਛਲੇ 14 ਸਾਲਾਂ ਤੋਂ ਅਪਣੀ ਡਿਊਟੀ ਨਿਭਾ ਰਹੇ ਹਨ |
ਮੁੱਖ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿਤਾ ਕਿ ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਲਈ ਅਧਿਆਪਕਾਂ ਦੀ ਰੋਜ਼ੀ-ਰੋਟੀ ਨੂੰ ਸੁਰੱਖਿਅਤ ਕੀਤਾ ਜਾਣਾ ਜਰੂਰੀ ਹੈ | ਉਨ੍ਹਾਂ ਕਿਹਾ ਕਿ ਇਸ ਤੱਥ ਨੂੰ ਮੁੱਖ ਰਖਦਿਆਂ ਹੀ ਉਨ੍ਹਾਂ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਫ਼ੈਸਲਾ ਲਿਆ ਹੈ | ਭਗਵੰਤ ਮਾਨ ਨੇ ਅਧਿਆਪਕਾਂ ਨੂੰ ਸੱਦਾ ਦਿਤਾ ਕਿ ਉਹ ਅਪਣੇ ਵਿਦਿਆਰਥੀਆਂ ਨੂੰ ਕਾਨਵੈਂਟ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨਾਲ ਮੁਕਾਬਲਾ ਕਰਨ ਦੇ ਕਾਬਲ ਬਣਾਉਣ ਲਈ ਅਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ | ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਧਿਆਪਕਾਂ ਦੀਆਂ ਸੇਵਾਵਾਂ ਸਿਰਫ਼ ਅਧਿਆਪਨ ਕਾਰਜਾਂ ਲਈ ਹੀ ਲੈਣ ਦਾ ਫ਼ੈਸਲਾ ਕੀਤਾ ਹੈ | ਭਗਵੰਤ ਮਾਨ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭ ਕਾਮਨਾਵਾਂ ਦਿਤੀਆਂ |