ਦਰਜ ਕੇਸ ਅਤੇ ਜਾਂਚ ਨੂੰ ਰੱਦ ਕਰਨ ਦੀ ਕੀਤੀ ਮੰਗ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਸੀਬੀਆਈ ਵੱਲੋਂ ਦਰਜ ਕੀਤੀ ਐੱਫ.ਆਈ.ਆਰ. ਅਤੇ ਉਨ੍ਹਾਂ ਦੇ ਘਰ ਕੀਤੀ ਗਈ ਛਾਪੇਮਾਰੀ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਦਿੱਤੀ ਹੈ, ਜਿਸ ’ਤੇ ਅਦਾਲਤ ਵੱਲੋਂ ਕੱਲ੍ਹ ਸੁਣਵਾਈ ਕੀਤੀ ਜਾਵੇਗੀ।
ਘੁੰਮਣ ਨੇ ਆਪਣੀ ਰਿੱਟ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 17-ਏ (Section 17A) ਤਹਿਤ ਕਿਸੇ ਵੀ ਸਰਕਾਰੀ ਅਧਿਕਾਰੀ ਖ਼ਿਲਾਫ਼ ਸਰਕਾਰੀ ਕੰਮਕਾਜ ਜਾਂ ਸਿਫ਼ਾਰਸ਼ਾਂ ਸਬੰਧੀ ਜਾਂਚ ਸ਼ੁਰੂ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦੀ ਅਗਾਊਂ ਪ੍ਰਵਾਨਗੀ ਲੈਣੀ ਲਾਜ਼ਮੀ ਹੁੰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੀਬੀਆਈ ਨੇ ਪੰਜਾਬ ਸਰਕਾਰ ਤੋਂ ਬਿਨਾਂ ਕੋਈ ਮਨਜ਼ੂਰੀ ਲਏ 5 ਅਕਤੂਬਰ ਨੂੰ ਐਫ.ਆਈ.ਆਰ. ਦਰਜ ਕੀਤੀ ਅਤੇ ਅਗਲੇ ਹੀ ਦਿਨ ਸੰਗਰੂਰ ਦੇ ਪਿੰਡ ਘਰਾਚੋਂ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਗੈਰ-ਕਾਨੂੰਨੀ ਢੰਗ ਨਾਲ ਦੇਰ ਰਾਤ ਤਲਾਸ਼ੀ ਮੁਹਿੰਮ ਚਲਾਈ।
