'ਦੋਵੇਂ ਦੇਸ਼ਾਂ 'ਚ ਹਾਲਾਤ ਸੁਖਾਵੇਂ ਤਾਂ ਕੇਂਦਰ ਕਰੇ ਸਿੱਖ ਭਾਵਨਾਵਾਂ ਦਾ ਸਤਿਕਾਰ'
ਸ੍ਰੀ ਕਰਤਾਰਪੁਰ ਸਾਹਿਬ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੋ ਸਿੱਖ ਜਥੇ ਨਾਲ ਪਾਕਿਸਤਾਨ ਗਏ ਹੋਏ ਹਨ ਅੱਜ ਸੰਧਿਆ ਵੇਲੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਮੰਤਰੀ ਸ. ਰਮੇਸ਼ ਸਿੰਘ ਅਰੋੜਾ, ਕਰਤਾਰਪੁਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੋਬਿੰਦ ਸਿੰਘ ਸਮੇਤ ਸਥਾਨਕ ਸਿੱਖਾਂ ਤੇ ਗੁਰੂ ਘਰ ਦੇ ਸੇਵਾਦਾਰਾਂ ਵੱਲੋਂ ਜਥੇਦਾਰ ਗੜਗੱਜ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਸੁਆਗਤ ਕੀਤਾ ਗਿਆ। ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਜਲਦ ਖੁੱਲ੍ਹਣ ਅਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਅਮਨ ਸ਼ਾਂਤੀ ਵਾਲੇ ਸਬੰਧ ਹੋਣ ਲਈ ਅਰਦਾਸ ਬੇਨਤੀ ਕੀਤੀ।
ਇਸ ਮੌਕੇ ਜਥੇਦਾਰ ਗੜਗੱਜ ਨੇ ਬੀਤੇ ਸਮੇਂ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਸਮੂਹ ਅੰਦਰ ਆਏ ਪਾਣੀ ਅਤੇ ਉਸ ਨੂੰ ਬਾਹਰ ਕੱਢਣ ਸਬੰਧੀ ਜਾਣਕਾਰੀ ਸ. ਰਮੇਸ਼ ਸਿੰਘ ਅਰੋੜਾ ਪਾਸੋਂ ਲਈ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਔਕਾਫ਼ ਬੋਰਡ ਤੇ ਲਹਿੰਦੇ ਪੰਜਾਬ ਦੀ ਸਰਕਾਰ ਵੱਲੋਂ ਕੀਤੇ ਹੜ੍ਹ ਦਾ ਪਾਣੀ ਸਮੇਂ ਸਿਰ ਬਾਹਰ ਕੱਢ ਕੇ ਗੁਰਦੁਆਰਾ ਸਾਹਿਬ ਨੂੰ ਸੰਗਤਾਂ ਲਈ ਫਿਰ ਤੋਂ ਖੋਲ੍ਹਿਆ। ਉਨ੍ਹਾਂ ਦੇਸ਼ ਵਿਦੇਸ਼ ਵਿੱਚ ਵੱਸਦੇ ਸਿੱਖਾਂ ਨੂੰ ਵਿਸ਼ੇਸ਼ ਅਪੀਲ ਕੀਤੀ ਉਹ ਵੱਧ ਤੋਂ ਵੱਧ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ। ਜਥੇਦਾਰ ਗੜਗੱਜ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿੱਚ ਹਾਲਾਤ ਸੁਖਾਵੇਂ ਹਨ ਤਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸ੍ਰੀ ਕਰਤਾਰਪੁਰ ਸਾਹਿਬ ਸਾਹਿਬ ਦਾ ਲਾਂਘਾ ਖੋਲ੍ਹਣਾ ਚਾਹੀਦਾ ਹੈ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਤੇ ਸਤਿਕਾਰ ਭੇਟ ਕਰ ਸਕਣ।ਇਸ ਮੌਕੇ ਗਿਆਨੀ ਗੋਬਿੰਦ ਸਿੰਘ ਵੱਲੋਂ ਜਥੇਦਾਰ ਗੜਗੱਜ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।
