
ਕੈਨੇਡਾ : ਕਿਸਾਨਾਂ ਦੇ ਹੱਕ ਵਿਚ ਕੱਢੀ ਰੋਸ ਰੈਲੀ
ਸੈਂਕੜੇ ਲੋਕਾਂ ਨੂੰ ਪੰਜਾਬ ਤੋਂ ਬੂਟਾ ਸਿੰਘ ਬੁਰਜਗਿੱਲ ਨੇ ਦਿੱਲੀ ਤੋਂ ਕੀਤਾ ਸੰਬੋਧਨ
ਚੰਡੀਗੜ੍ਹ, 7 ਦਸੰਬਰ (ਨੀਲ ਭਲਿੰਦਰ ਸਿੰਘ): ਦਿੱਲੀ ਵਿਚ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਅਤੇ ਭਾਰਤ ਪੱਧਰ ਦੀਆਂ 500 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਵਿਰੁਧ ਇਤਿਹਾਸਕ ਘੋਲ ਲੜਿਆ ਜਾ ਰਿਹਾ ਹੈ। ਕਿਸਾਨ ਸੰਘਰਸ਼ ਆਏ ਦਿਨ ਹੋਰ ਵਿਸ਼ਾਲ ਹੁੰਦਾ ਜਾ ਰਿਹਾ ਹੈ। ਇਹ ਕਿਸਾਨ ਸੰਘਰਸ਼ ਤਿੰਨ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿਲ ਅਤੇ ਪਰਾਲੀ ਸਾੜਨ ਦੇ ਕਿਸਾਨ ਮਾਰੂ ਬਿਲ ਵਿਰੁਧ ਲੜਿਆ ਜਾ ਰਿਹਾ ਹੈ। ਇਸ ਸੰਘਰਸ਼ ਦੇ ਹੱਕ ਵਿਚ ਕੈਨੇਡਾ ਦੇ ਸੂਬੇ ਮੌਂਟਰੀਅਲ ਦੇ ਸ਼ਹਿਰ ਲਾਸਾਲ ਅੰਦਰ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸਮਰਥਕ ਨੌਜਵਾਨਾਂ-ਵਿਦਿਆਰਥੀਆਂ ਵਲੋਂ ਵਿਸ਼ਾਲ ਰੋਸ ਰੈਲੀ ਅਤੇ ਪੈਦਲ ਮਾਰਚ ਕੀਤਾ ਗਿਆ।
ਸੈਂਕੜਿਆਂ ਦੀ ਗਿਣਤੀ ਵਿਚ ਪੁੱਜੇ ਪ੍ਰਵਾਸੀ ਪੰਜਾਬੀਆਂ ਖ਼ਾਸਕਰ ਬਹੁਗਿਣਤੀ ਨੌਜਵਾਨਾਂ-ਵਿਦਿਆਰਥੀਆਂ ਦੇ ਹੱਥਾਂ ਵਿਚ ਮੋਦੀ ਹਕੂਮਤ ਵਿਰੁਧ ਲਿਖੀਆਂ ਵੱਖ-ਵੱਖ ਸਲੋਗਨਾਂ ਦੀਆਂ 400 ਤਖ਼ਤੀਆਂ ਤੇ ਕਿਸਾਨ ਯੂਨੀਅਨ ਦੇ ਦਰਜਨਾਂ ਝੰਡੇ ਫੜੇ ਹੋਏ ਸਨ। ਇਸ ਸਮੇਂ ਇਕੱਤਰ ਸੈਂਕੜੇ ਲੋਕਾਂ ਨੂੰ ਪੰਜਾਬ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਵਰਚੁਅਲੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਸਾਂਝੇ ਮੰਚ 'ਤੇ ਇਕੱਠੇ ਹੋ ਕੇ ਤਿੰਨ ਕਾਨੂੰਨਾਂ ਵਿਰੁਧ ਲੰਮਾ ਮੋਰਚਾ ਲਾ ਕੇ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਤ ਤਕ ਇਹ ਸੰਘਰਸ਼ ਹਰ ਹੀਲੇ ਜਾਰੀ ਰਹੇਗਾ। ਉਨ੍ਹਾਂ ਦੇਸ਼ ਦੇ ਕਿਸਾਨਾਂ ਦੇ ਹੱਕ ਵਿਚ ਦੁਨੀਆਂ ਭਰ ਵਿਚੋਂ ਅਵਾਜ਼ ਬੁਲੰਦ ਕਰ ਰਹੇ ਵਿਦੇਸ਼ ਵਸਦੇ ਪੰਜਾਬੀਆਂ ਦਾ ਧਨਵਾਦ ਕੀਤਾ।
ਇਸ ਸਮੇਂ ਇਨਕਲਾਬੀ-ਨੌਜਵਾਨ ਵਿਦਿਆਰਥੀ ਮੰਚ ਦੇ ਸਾਬਕਾ ਆਗੂ ਮਨਦੀਪ ਨੇ ਕਿਹਾ ਕਿ ਮੋਦੀ ਹਕੂਮਤ ਵਲੋਂ ਲਿਆਂਦੇ ਤਿੰਨ ਕਾਨੂੰਨ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਅਤੇ ਸੰਸਾਰ ਵਪਾਰ ਸੰਸਥਾ ਦੁਆਰਾ ਦਿਸ਼ਾ ਨਿਰਦੇਸ਼ਤ ਹਨ। ਨੌਜਵਾਨ ਆਗੂ ਵਰੁਣ ਖੰਨਾ, ਖ਼ੁਸ਼ਪਾਲ ਗਰੇਵਾਲ ਤੇ ਅਮਿਤੋਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਹਕੂਮਤ 'ਇਕ ਮੰਡੀ ਇਕ ਦੇਸ਼' ਦੀ ਨੀਤੀ ਤਹਿਤ ਇਸ ਨੂੰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਵੇਚਣ 'ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਤੇ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੈ, ਉਤੋਂ ਇਹ ਕਾਨੂੰਨ ਲਿਆ ਕੇ ਸਰਕਾਰ ਉਨ੍ਹਾਂ ਦੀ ਮੌਤ ਦੇ ਵਾਰੰਟ ਜਾਰੀ ਕਰ ਰਹੀ ਹੈ।
ਇਸ ਮੌਕੇ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਅਪਣੇ ਵਰਚੂਅਲ ਸੰਬੋਧਨ ਵਿਚ ਕਿਹਾ ਕਿ ਪੰਜਾਬ ਦੇ ਲੋਕ ਹੌਂਸਲੇ ਤੇ ਏਕੇ ਨਾਲ ਮੋਰਚੇ ਉਤੇ ਡਟੇ ਹੋਏ ਹਨ। ਵਿਦੇਸ਼ ਵਸਦੇ ਪੰਜਾਬੀਆਂ ਨੂੰ ਝੂਠੀਆਂ ਅਫ਼ਵਾਹਾਂ ਤੋਂ ਦੂਰ ਰਹਿ ਕੇ ਸੰਘਰਸ਼ਸ਼ੀਲ ਲੋਕਾਂ ਤੇ ਭਰੋਸਾ ਰਖਣਾ ਚਾਹੀਦਾ ਹੈ। ਉਨ੍ਹਾਂ ਰੈਲੀ ਵਿਚ ਸ਼ਾਮਲ ਲੋਕਾਂ ਦਾ ਧਨਵਾਦ ਕੀਤਾ। ਇਸ ਸਮੇਂ ਨੌਜਵਾਨ ਹਰਿੰimageਦਰ ਸਿੰਘ ਸੰਧੂ ਤੇ ਅਮਨਦੀਪ ਸਿੰਘ ਨੇ ਸਮੁੱਚੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਵਿਸ਼ੇਸ਼ ਭੂਮਿਕਾ ਨਿਭਾਈ।