
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਮਲੋਟ: ਮਲੋਟ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬੀਤੀ ਰਾਤ ਪਿੰਡ ਕਿੰਗਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਬਾਗ ਦੇ ਠੇਕੇਦਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਹਰਜਿੰਦਰ ਸਿੰਘ (65) ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਨੇ ਮਲੋਟ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੇ ਪਿਤਾ ਕੋਲ ਫਿਰੋਜ਼ਪੁਰ ਕਿੰਗਰਾ 'ਚ ਅਮਰੂਦਾਂ ਦਾ ਬਾਗ ਠੇਕੇ 'ਤੇ ਸੀ।
ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸਬੰਧਿਤ ਪਿੰਡ ਦੇ ਲੋਕਾਂ ਵੱਲੋਂ ਇਸ ਘਟਨਾ ਦੀ ਸੂਚਨਾ ਸਿਟੀ ਮਲੋਟ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।
ਫਿਲਹਾਲ ਕਤਲ ਕਰਨ ਦਾ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗਾ ਪਰ ਪੁਲਸ ਵੱਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।