
ਮੁੱਖ ਮੰਤਰੀ ਨੇ ਕਿਹਾ ਕਿ ਸਿਪਾਹੀ ਮਨਦੀਪ ਸਿੰਘ ਨੇ ਨਕੋਦਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।
ਚੰਡੀਗੜ੍ਹ: ਡਿਊਟੀ ਦੌਰਾਨ ਵੀਰਵਾਰ ਨੂੰ ਸ਼ਹੀਦੀ ਪ੍ਰਾਪਤ ਕਰਨ ਵਾਲੇ ਪੰਜਾਬ ਪੁਲਿਸ ਦੇ ਸਿਪਾਹੀ ਮਨਦੀਪ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਦੀ ਸ਼ਹਾਦਤ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਦੋ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਪਾਹੀ ਮਨਦੀਪ ਸਿੰਘ ਨੇ ਨਕੋਦਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।
ਉਨ੍ਹਾਂ ਕਿਹਾ ਕਿ ਇਸ ਦੋ ਕਰੋੜ ਰੁਪਏ ਵਿੱਚੋਂ ਇਕ ਕਰੋੜ ਰੁਪਏ ਰਾਜ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ ਦਿੱਤੇ ਜਾਣਗੇ, ਜਦੋਂ ਕਿ ਇਕ ਕਰੋੜ ਰੁਪਏ ਬੀਮੇ ਦੀ ਅਦਾਇਗੀ ਵਜੋਂ ਐਚ.ਡੀ.ਐਫ.ਸੀ. ਬੈਂਕ ਵੱਲੋਂ ਦਿੱਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਬਲੀਦਾਨ ਦੇਣ ਵਾਲੇ ਧਰਤੀ ਮਾਂ ਦੇ ਇਸ ਸਪੂਤ ਦੇ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਭੇਟ ਕਰਨ ਲਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਾਤ ਭੂਮੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਰਾਜ ਸਰਕਾਰ ਵੱਲੋਂ ਸੈਨਿਕਾਂ (ਹਥਿਆਰਬੰਦ ਬਲਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ) ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਰਾਜ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ।