
ਲੜਕੀ ਨੇ ਸੁਰੱਖਿਆ ਲਈ ਅਦਾਲਤ ਵਿੱਚ ਦਾਇਰ ਕੀਤੀ ਪਟੀਸ਼ਨ ਤੋਂ ਹੋਇਆ ਸੀ ਉਮਰ ਦਾ ਖ਼ੁਲਾਸਾ
ਫਾਜ਼ਿਲਕਾ : ਮੈਰਿਜ ਐਕਟ ਦੀ ਉਲੰਘਣਾ ਕਰਦਿਆਂ ਘੱਟ ਉਮਰ ਵਿਚ ਵਿਆਹ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਸਥਾਨਕ ਪੁਲਿਸ ਨੇ ਕਾਰਵਾਈ ਕਰਦਿਆਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਤੇ ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਸੰਜੀਵ ਕੁਮਾਰ ਨਾਲ ਵਿਆਹ ਕਰਵਾਉਣ ਵਾਲੀ ਬਸਕਾਰੋ ਨਾਂ ਦੀ ਲੜਕੀ ਨੇ ਸੁਰੱਖਿਆ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਨਾਲ ਨੱਥੀ ਕੀਤੇ ਦਸਤਾਵੇਜ਼ਾਂ ’ਚ ਆਧਾਰ ਕਾਰਡ ਦੀ ਜਾਂਚ ਕਰਨ ਮੌਕੇ ਲਾੜੇ ਸੰਜੀਵ ਕੁਮਾਰ ਦੀ ਉਮਰ ਸਾਢੇ 19 ਸਾਲ ਹੋਣ ਦੀ ਗੱਲ ਸਾਹਮਣੇ ਆਈ। ਉਨ੍ਹਾਂ ਕਿਹਾ ਕਿ ਮੈਰਿਜ ਐਕਟ ਅਨੁਸਾਰ ਵਿਆਹ ਕਰਨ ਲਈ ਪੁਰਸ਼ ਦੀ ਉਮਰ 21 ਸਾਲ ਹੋਣੀ ਚਾਹੀਦੀ ਹੈ, ਇਸ ਤਰ੍ਹਾਂ ਬਾਲ ਵਿਆਹ ਰੋਕੂ ਮਨਾਹੀ ਕਾਨੂੰਨ ਦੀ ਸਰਾਸਰ ਉਲੰਘਣਾ ਹੈ।
ਮੁਲਜ਼ਮਾਂ ਦੀ ਪਛਾਣ ਸੰਜੀਵ ਕੁਮਾਰ ਵਾਸੀ ਅਨੂਪਗੜ੍ਹ, ਗੰਗਾਨਗਰ (ਰਾਜਸਥਾਨ), ਸਰਬਜੀਤ ਸਿੰਘ, ਹੈੱਡ ਗ੍ਰੰਥੀ ਤੇ ਹਰਜੀਤ ਸਿੰਘ ਪ੍ਰਧਾਨ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫਾਜ਼ਿਲਕਾ ਵਜੋਂ ਹੋਈ ਹੈ। ਸੈਸ਼ਨ ਜੱਜ ਸਵਿੰਦਰ ਸਿੰਘ ਸਿੱਧੂ ਵੱਲੋਂ ਲਿਖੇ ਗਏ ਪੱਤਰ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਗੁਰਦੁਆਰੇ ਦੇ ਹੈੱਡ ਗ੍ਰੰਥੀ ਵੱਲੋਂ ਮੈਰਿਜ ਸਰਟੀਫਿਕੇਟ ਜਾਰੀ ਕੀਤਾ ਗਿਆ ਹੈ।