Punjab News: ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫ਼ਾ, ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਮਿਲੇ ਨਿਯੁਕਤੀ ਪੱਤਰ
Published : Jan 9, 2024, 7:46 pm IST
Updated : Jan 9, 2024, 7:46 pm IST
SHARE ARTICLE
File Photo
File Photo

ਨੌਜਵਾਨਾਂ ਨੂੰ ਨਵੇਂ ਸਾਲ ਦਾ ਤੋਹਫਾ, CM Mann ਨੇ ਨਵੇਂ ਭਰਤੀ ਹੋਏ 520 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਨਵੇਂ ਵਰ੍ਹੇ ਦਾ ਤੋਹਫਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਨਵੇਂ ਭਰਤੀ ਹੋਏ 520 ਕਲਰਕਾਂ-ਕਮ-ਡਾਟਾ ਐਂਟਰੀ ਅਪਰੇਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਟੈਗੋਰ ਥੀਏਟਰ ਵਿਖੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਨੌਜਵਾਨਾਂ ਦੇ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦਾ ਇਹ ਨਿਯੁਕਤੀ ਪੱਤਰ ਵੰਡ ਸਮਾਰੋਹ ਉਨ੍ਹਾਂ ਦੀ ਸਰਕਾਰ ਦਾ ਪਲੇਠਾ ਸਮਾਗਮ ਨਹੀਂ ਹੈ

ਕਿਉਂਕਿ ਸੂਬਾ ਸਰਕਾਰ ਹੁਣ ਤੱਕ ਅਜਿਹੇ ਕਈ ਸਮਾਗਮ ਕਰਕੇ 40,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਇਸ ਜਜ਼ਬੇ ਦਾ ਲਾਹਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵੀ ਚੁੱਕਿਆ ਜਾ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਬਹਾਦਰ ਅਤੇ ਸਮਰਪਿਤ ਭਾਵਨਾ ਵਾਲੇ ਪੰਜਾਬੀਆਂ ਨੇ ਦੇਸ਼ ਨੂੰ ਬਰਤਾਨਵੀ ਹਕੂਮਤ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਪਣੇ ਆਪ ਵਿੱਚ ਰਿਕਾਰਡ ਹੈ ਕਿ ਜਿਨ੍ਹਾਂ ਦੇਸ਼ ਭਗਤਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮ ਦਾ ਸ਼ਿਕਾਰ ਹੋਏ, ਉਨ੍ਹਾਂ ਵਿੱਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸਨ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਵੀ ਪੰਜਾਬ, ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਅਤੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਲਈ ਸਭ ਤੋਂ ਅੱਗੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਦਾ ਹਰ ਕਦਮ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਨੂੰ ਸਮਰਪਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀਆਂ ਨੂੰ ਕਦੇ ਵੀ ਸੂਬੇ ਦੀ ਚਿੰਤਾ ਨਹੀਂ ਹੁੰਦੀ ਸੀ ਸਗੋਂ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਦਾ ਫਿਕਰ ਵੱਧ ਹੁੰਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਮੁੱਦੇ ਨੂੰ ਲੈ ਕੇ ਸੂਬੇ ਦੇ ਨਕਾਰੇ ਹੋਏ ਸਿਆਸੀ ਆਗੂ ਉਨ੍ਹਾਂ ਦੀ ਨਿੱਤ ਨਿਖੇਧੀ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ 'ਚ ਪੰਜਾਬ 'ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ।

ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ।  ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ 18 ਜਨਵਰੀ ਨੂੰ 590 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਵੀ.ਕੇ. ਸਿੰਘ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵੇਂ ਭਰਤੀ ਕੀਤੇ ਕਲਰਕਾਂ ਨੂੰ ਆਮ ਆਦਮੀ ਦੀ ਭਲਾਈ ਲਈ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਸਹਿਕਾਰੀ ਬੈਂਕ ਦੀ ਅਥਾਹ ਸਮਰੱਥਾ ਹੈ ਜਿਸ ਲਈ ਨਵੇਂ ਭਰਤੀ ਹੋਏ ਕਲਰਕ ਅਹਿਮ ਭੂਮਿਕਾ ਨਿਭਾ ਸਕਦੇ ਹਨ। ਵੀ.ਕੇ. ਸਿੰਘ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਸਹਾਈ ਸਿੱਧ ਹੋ ਸਕਦੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement