
ਸੇਵਾਵਾਂ ਦੀ ਗਿਣਤੀ 383 ਹੋਈ, ਰੋਜ਼ਾਨਾ 60,000 ਲੋਕਾਂ ਨੂੰ ਮਿਲਣਗੀਆਂ ਸਹੂਲਤਾਂ
ਚੰਡੀਗੜ੍ਹ: ਲੋਕਾਂ ਨੂੰ ਇਕ ਛੱਤ ਹੇਠ ਇਕੱਠੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਉਪਰਾਲੇ ਕਰ ਰਹੀ ਹੈ। ਇਸੇ ਤਹਿਤ ਪੰਜਾਬ ਸਰਕਾਰ ਸੇਵਾ ਕੇਂਦਰਾਂ ਵਿਚ ਮਿਲਦੀਆਂ ਸੇਵਾਵਾਂ ਦੇ ਘੇਰਾ ਹੋਰ ਮੋਕਲਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 56 ਹੋਰ ਨਵੀਆਂ ਸੇਵਾਵਾਂ ਨੂੰ ਸ਼ਾਮਲ ਕਰਨ ਦੀ ਵਚਰੂਅਲ ਤੌਰ 'ਤੇ ਸ਼ੁਰੂਆਤ ਕੀਤੀ।
Sewa Kendra
ਇਸ ਨਾਲ ਸੇਵਾ ਕੇਂਦਰਾਂ ਵਿਚ ਮਿਲਦੀਆਂ ਸੇਵਾਵਾਂ ਦੀ ਗਿਣਤੀ ਵੱਧ ਕੇ 383 ਹੋ ਗਈ ਹੈ। ਪੰਜਾਬ ਵਿਚਲੇ ਸੇਵਾ ਕੇਂਦਰਾਂ ਵਿਚ ਰੋਜ਼ਾਨਾ 60,000 ਤੋਂ ਵਧੇਰੇ ਲੋਕ ਵੱਖ-ਵੱਖ ਸੇਵਾਵਾਂ ਹਿਤ ਸ਼ਿਰਕਤ ਕਰਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਉਨ੍ਹਾਂ ਦੀ ਸਰਕਾਰ ਸ਼ਾਸਨ ਵਿੱਚ ਹੋਰ ਵੱਧ ਪਾਰਦਰਸ਼ਤਾ ਤੇ ਕਾਰਜ-ਕੁਸ਼ਲਤਾ ਲਿਆਉਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਅਗਲੇ ਤਿੰਨ ਮਹੀਨਿਆਂ ਵਿੱਚ ਸੇਵਾ ਕੇਂਦਰਾਂ ਵਿਖੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਕੁੱਲ ਗਿਣਤੀ 500 ਤਕ ਪਹੁੰਚ ਜਾਵੇਗੀ।"
Capt Amarinder Singh
ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸੇਵਾ ਕੇਂਦਰਾਂ ਵਿਚ ਮਿਲਦੀਆਂ ਸੇਵਾਵਾਂ ਵਿਚ ਵਿਸਥਾਰ ਲਈ ਆਦੇਸ਼ ਦਿੱਤੇ ਗਏ ਹਨ। ਇਸੇ ਤਹਿਤ ਅਗਲੇ ਮਹੀਨੇ ਇਕ ਕਾਲ ਸੈਂਟਰ ਵੀ ਸ਼ੁਰੂ ਕੀਤਾ ਜਾਵੇਗਾ ਤਾਂ ਕਿ ਨਾਗਰਿਕ ਸੌਖੇ ਢੰਗ ਨਾਲ ਆਪਣੇ ਸ਼ਿਕਾਇਤਾਂ ਦਰਜ ਕਰਵਾ ਸਕਣ।
Captain Amarinder Singh
ਸੂਬੇ ਵਿੱਚ ਅੱਜ ਸੇਵਾ ਕੇਂਦਰਾਂ ਵਿਚ 56 ਨਵੀਆਂ ਸੇਵਾਵਾਂ ਸ਼ਾਮਲ ਕੀਤੀਆਂ ਗਈਆਂ ਜਿਨ੍ਹਾਂ ਵਿਚੋਂ 37 ਸੇਵਾਵਾਂ ਪੁਲਿਸ ਵੱਲੋਂ ਪਹਿਲਾਂ ਹੀ ਸਾਂਝ ਕੇਂਦਰਾਂ ਰਾਹੀਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਦਕਿ 18 ਸੇਵਾਵਾਂ ਟਰਾਂਸਪੋਰਟ ਵਿਭਾਗ ਵੱਲੋਂ ਆਪਣੇ ਦਫ਼ਤਰਾਂ ਰਾਹੀਂ ਅਤੇ ਮਾਲ ਵਿਭਾਗ ਵੱਲੋਂ ਇਕ ਸੇਵਾ (ਫ਼ਰਦ ਦੀ ਨਕਲ) ਫ਼ਰਦ ਕੇਂਦਰਾਂ ਰਾਹੀਂ ਮੁਹੱਈਆ ਕੀਤੀ ਜਾ ਰਹੀ ਹੈ।