
85 ਐਫ਼ਆਈਆਰ ਦਰਜ, 3 ਕਿਲੋ ਹੈਰੋਇਨ, 9 ਕਿਲੋ ਅਫ਼ੀਮ, 5.39 ਲੱਖ ਰੁਪਏ ਡਰੱਗ ਮਨੀ ਬਰਾਮਦ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਇਆ ਜਾ ਰਿਹਾ ਯੁੱਧ ਨਸ਼ਿਆਂ ਵਿਰੁਧ ਨੂੰ ਲਗਾਤਾਰ ਅੱਠਵੇਂ ਦਿਨ ਜਾਰੀ ਰਖਦਿਆਂ ਪੰਜਾਬ ਪੁਲਿਸ ਨੇ ਅੱਜ 516 ਥਾਵਾਂ ’ਤੇ ਛਾਪੇ ਮਾਰੇ, ਜਿਸ ਦੌਰਾਨ ਸੂਬੇ ਭਰ ਵਿਚ 85 ਐਫਆਈਆਰ ਦਰਜ ਕਰ ਕੇ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਸਿਰਫ਼ ਅੱਠ ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 1050 ਹੋ ਗਈ ਹੈ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 3.04 ਕਿਲੋਗ੍ਰਾਮ ਹੈਰੋਇਨ, 9.3 ਕਿਲੋਗ੍ਰਾਮ ਅਫ਼ੀਮ, 6673 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 5.39 ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿਚ ਇੱਕੋ ਸਮੇਂ ਕੀਤੀ ਗਈ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 107 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1700 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 602 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।