
ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਵੱਲੋਂ ਸਾਰੀਆਂ ਧਿਰਾਂ ਨੂੰ ਕੋਵਿਡ ਦੇ ਸੁਰੱਖਿਆ ਨੇਮਾਂ ਦਾ ਪਾਲਣ ਕਰਨ ਦੀ ਅਪੀਲ
ਚੰਡੀਗੜ੍ਹ: ਕੋਵਿਡ ਮਹਾਂਮਾਰੀ ਦੇ ਦਰਮਿਆਨ ਭਲਕੇ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਨੇ ਸੂਬਾ ਭਰ ਵਿਚ ਸਾਰੀਆਂ 154 ਮਾਰਕੀਟ ਕਮੇਟੀਆਂ ਵਿਚ ਕੋਵਿਡ ਟੀਕਾਕਰਨ ਕੈਂਪ ਸਥਾਪਤ ਕੀਤੇ ਤਾਂ ਕਿ ਹਾੜ੍ਹੀ ਮੰਡੀਕਰਨ ਸੀਜਨ ਦੌਰਾਨ ਅਨਾਜ ਮੰਡੀਆਂ ਵਿਚ ਆਉਣ ਵਾਲੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਕੋਵਿਡ ਤੋਂ ਬਚਾਅ ਦਾ ਟੀਕਾ ਲਾਇਆ ਜਾ ਸਕੇ।
mandi
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਦੱਸਿਆ ਕਿ ਮੰਡੀ ਬੋਰਡ ਨੇ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਕਣਕ ਦੀ ਖਰੀਦ ਦੇ ਚੁਣੌਤੀਪੂਰਨ ਕਾਰਜ ਲਈ ਪੁਖਤਾ ਤਿਆਰੀਆਂ ਕੀਤੀਆਂ ਹਨ। ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਖਰੀਦ ਕਾਰਜਾਂ ਨਾਲ ਜੁੜੀਆਂ ਸਾਰੀਆਂ ਧਿਰਾਂ ਨੂੰ ਕੋਵਿਡ ਦੇ ਸੁਰੱਖਿਆ ਨੇਮਾਂ ਦਾ ਪਾਲਣ ਕਰਨ ਦੀ ਅਪੀਲ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੱਥੇ ਮੰਡੀਆਂ ਵਿਚੋਂ ਕਣਕ ਦੇ ਇਕ-ਇਕ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ, ਉਥੇ ਹੀ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਦੇ ਮੁਲਾਜਮਾਂ ਦੀ ਸੁਰੱਖਿਆ ਨੂੰ ਵੀ ਯਕੀਨੀ ਬਣਾਏਗੀ।
mandi
ਚੇਅਰਮੈਨ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਨੇ ਕੋਵਿਡ ਸਬੰਧੀ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਆਪਣੇ 5600 ਅਧਿਕਾਰੀਆਂ/ਕਰਮਚਾਰੀਆਂ ਨੂੰ 10,000 ਮਾਸਕ (ਐਨ-95) ਅਤੇ ਸੈਨੀਟਾਈਜਰਾਂ ਦੀਆਂ 10,000 ਬੋਤਲਾਂ ਮੁਹੱਈਆ ਕਰਵਾਈਆਂ ਹਨ ਤਾਂ ਕਿ ਕੋਵਿਡ ਮਹਾਂਮਾਰੀ ਦੇ ਮੱਦੇਨਜਰ ਕਣਕ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਮੁਲਾਜਮਾਂ ਵੱਲੋਂ ਸਾਲ 2021-22 ਦੇ ਹਾੜ੍ਹੀ ਮੰਡੀਕਰਨ ਸੀਜਨ ਲਈ ਖਰੀਦ ਕਾਰਜ ਸੁਚਾਰੂ ਬਣਾਉਣ ਲਈ ਢੁਕਵੇਂ ਬੰਦੋਬਸਤ ਕਰਨ ਵਾਸਤੇ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡੀ ਬੋਰਡ ਨੇ ਖਰੀਦ ਕੇਂਦਰਾਂ ਉਪਰ ਆਪਣੀ ਫਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਇਕ ਲੱਖ ਮਾਸਕ ਅਤੇ 35,000 ਲਿਟਰ ਸੈਨੀਟਾਈਜਰ ਦਾ ਵੀ ਇੰਤਜਾਮ ਕੀਤਾ ਹੈ।
ਲਾਲ ਸਿੰਘ ਨੇ ਅੱਗੇ ਕਿਹਾ ਕਿ ਮੰਡੀਆਂ ਵਿਚ ਭੀੜ-ਭੜੱਕਾ ਰੋਕਣ ਲਈ ਅਨਾਜ ਮੰਡੀਆਂ ਦੀ ਗਿਣਤੀ 1872 ਤੋਂ ਵਧਾ ਕੇ 4000 ਕੀਤੀ ਗਈ ਹੈ ਅਤੇ ਇਸ ਸੀਜਨ ਦੌਰਾਨ 130 ਲੱਖ ਮੀਟਰਕ ਟਨ ਕਣਕ ਖਰੀਦਣ ਦਾ ਟੀਚਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਉਪਜ ਪੜਾਅ ਵਾਰ ਮੰਡੀਆਂ ਵਿਚ ਲਿਆਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੋਵਿਡ ਦੀ ਰੋਕਥਾਮ ਲਈ ਸਾਰੇ ਇਹਤਿਆਦ ਵਰਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਨੇ ਇਸ ਸੀਜਨ ਦੌਰਾਨ ਪੀਣ ਵਾਲਾ ਸਾਫ ਪਾਣੀ ਅਤੇ ਸਾਫ-ਸਫਾਈ ਤੋਂ ਇਲਾਵਾ ਪਾਸ ਜਾਰੀ ਕਰਨ ਲਈ ਰੂਪ-ਰੇਖਾ ਉਲੀਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾਣਗੇ।
mandi
ਦੱਸਣਯੋਗ ਹੈ ਕਿ ਪਿਛਲੇ ਹਾੜ੍ਹੀ ਸੀਜਨ ਦੌਰਾਨ ਸੂਬਾ ਸਰਕਾਰ ਕੋਵਿਡ ਦੀਆਂ ਬੰਦਿਸ਼ਾਂ ਦੇ ਬਾਵਜੂਦ 127.13 ਲੱਖ ਮੀਟਰਕ ਟਨ ਕਣਕ ਦੀ ਸਫਲ ਖਰੀਦ ਕੀਤੀ ਸੀ ਅਤੇ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 17.51 ਲੱਖ ਪਾਸ ਕੀਤੇ ਗਏ ਸਨ। ਲਾਲ ਸਿੰਘ ਨੇ ਅੱਗੇ ਦੱਸਿਆ ਕਿ ਸਭ ਤੋਂ ਵੱਧ ਤਰਜੀਹ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸਿਹਤ ਸੁਰੱਖਿਆ ਸਬੰਧੀ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕਾਰਜਾਂ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਦਰਮਿਆਨ ਸਮਾਜਿਕ ਦੂਰੀ ਬਣਾਈ ਰੱਖਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।
ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਵੱਲੋਂ ਨਿਭਾਈ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਚੇਅਰਮੈਨ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਹੋਰ ਵੀ ਸਮਰਪਣ ਭਾਵਨਾ, ਸੰਜੀਦਗੀ ਅਤੇ ਵਚਨਬੱਧਤਾ ਨਾਲ ਨਿਭਾਉਣ ਦੀ ਅਪੀਲ ਕੀਤੀ ਤਾਂ ਕਿ ਇਸ ਵਿਆਪਕ ਕਾਰਜ ਨੂੰ ਨੇਪਰੇ ਚਾੜਿਆ ਜਾ ਸਕੇ।