
ਖ਼ੁਦਕੁਸ਼ੀ ਕਰਨ ਵਾਲੇ ਜਿੰਮ ਟਰੇਨਰ ਦੇ ਪ੍ਰਵਾਰ ਦੀ ਸਹਾਇਤਾ ਲਈ ਅੱਗੇ ਆਏ ਸੁਖਵਿੰਦਰ ਸਿੰਘ ਬਿੰਦਰਾ
ਲੁਧਿਆਣਾ, 8 ਜੂਨ (ਆਰ.ਪੀ. ਸਿੰਘ) : ਨੌਜਵਾਨ ਫਿਟਨੈੱਸ ਟਰੇਨਰ ਬਰਿੰਦਰ ਕੋਹਲੀ (38), ਜਿਸ ਨੇ ਹਾਲ ਹੀ ਵਿਚ ਖ਼ੁਦਕੁਸ਼ੀ ਕਰ ਲਈ ਸੀ, ਦੇ ਪਰਵਾਰ ਦੀ ਸਹਾਇਤਾ ਲਈ ਅੱਗੇ ਆਉਂਦਿਆਂ ਪੰਜਾਬ ਯੂਥ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਉਨ੍ਹਾਂ ਦੇ ਪਰਵਾਰ ਨੂੰ ਸੰਪੂਰਨ ਸਹਾਇਤਾ ਦਾ ਭਰੋਸਾ ਦਿਤਾ ਹੈ ਅਤੇ ਕਿਹਾ ਕਿ ਉਹ ਜਲਦ ਤੋਂ ਜਲਦ ਇਸ ਟਰੇਨਰ ਦੇ ਇਕ ਪਰਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਮਾਮਲਾ ਉਠਾਉਣਗੇ। ਪੀੜਤ ਦੇ ਪਰਵਾਰ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਟਰੇਨਰ ਦੇ ਪਰਵਾਰ ਨੂੰ ਹੋਰ ਵਿੱਤੀ ਸਹਾਇਤਾ ਦੇਣ ਅਤੇ ਉਨ੍ਹਾਂ ਦੇ 7 ਸਾਲ ਦੇ ਬੇਟੇ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਸਬੰਧੀ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਦੀ ਸਥਿਤੀ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ, ਇਸ ਲਈ ਉਨ੍ਹਾਂ ਜਿੰਮ ਖੋਲ੍ਹਣ ਦਾ ਮਾਮਲਾ ਮੁੱਖ ਮੰਤਰੀ ਕੋਲ ਉਠਾਇਆ ਹੈ ਤਾਂ ਜੋ ਜਿਮ ਮਾਲਕ/ਟਰੇਨਰ ਅਪਣੇ ਪਰਵਾਰਾਂ ਦਾ ਸਹਾਰਾ ਬਣ ਸਕਣ।
ਸ੍ਰੀ ਬਿੰਦਰਾ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਖੇਡਾਂ ਦਾ ਕੇਂਦਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਜਿੰਮ ਇਸ ਦਿਸ਼ਾ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦਸਿਆ ਕਿ ਨੌਜਵਾਨਾਂ ਵਿਚ ਵਿਸ਼ੇਸ਼ ਗੁਣ ਹੁੰਦੇ ਹਨ ਅਤੇ ਖੇਡ ਦੌਰਾਨ ਟੀਮ ਭਾਵਨਾ ਪੈਦਾ ਹੋਣਾ ਉਨ੍ਹਾਂ ਵਿਚੋਂ ਇਕ ਮੁੱਖ ਗੁਣ ਹੈ, ਜੋ ਨੌਜਵਾਨਾਂ ਨੂੰ ਉਨ੍ਹਾਂ ਦੀ ਜ਼ਿੰਦਗੀ ਵਿਚ ਸਫ਼ਲ ਹੋਣ ਲਈ ਸਹਾਈ ਸਾਬਤ ਹੋ ਸਕਦਾ ਹੈ।
L48_RP Singh_08_04