
ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਾ ਹੋਣ ਦੇ ਚਲਦਿਆਂ ਪੰਜਾਬ ਕਾਂਗਰਸ ਦੀ ਸਮੂਹ ਲੀਡਰਸ਼ਿਪ ਉਹਨਾਂ ਦੀ ਰਿਹਾਇਸ਼ ਵਿਚ ਧਰਨੇ ’ਤੇ ਬੈਠ ਗਈ ਹੈ।
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਨਾ ਹੋਣ ਦੇ ਚਲਦਿਆਂ ਪੰਜਾਬ ਕਾਂਗਰਸ ਦੀ ਸਮੂਹ ਲੀਡਰਸ਼ਿਪ ਉਹਨਾਂ ਦੀ ਰਿਹਾਇਸ਼ ਵਿਚ ਧਰਨੇ ’ਤੇ ਬੈਠ ਗਈ ਹੈ। ਉਹਨਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਰਾਜਾ ਵੜਿੰਗ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਵੀ ਮੌਜੂਦ ਹਨ।
Punjab Congress Protest at CM House
ਦਰਅਸਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦਾ ਵਫ਼ਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚਿਆ ਸੀ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਉਹਨਾਂ ਨੂੰ ਅੰਦਰ ਲਿਜਾ ਕੇ ਉਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਉਸ ਤੋਂ ਬਾਅਦ ਉਹਨਾਂ ਦੇ ਫੋਨ ਰੱਖ ਲਏ ਗਏ।
Punjab Congress Protest at CM House
ਕਾਂਗਰਸ ਦਾ ਕਹਿਣਾ ਹੈ ਕਿ ਉਹਨਾਂ ਨੂੰ ਕਾਫੀ ਸਮਾਂ ਬਿਠਾ ਕੇ ਰੱਖਿਆ ਪਰ ਬਾਅਦ ਵਿਚ ਕਹਿ ਦਿੱਤਾ ਗਿਆ ਕਿ ਮੁੱਖ ਮੰਤਰੀ ਉਹਨਾਂ ਨਾਲ ਕੱਲ੍ਹ 1 ਵਜੇ ਮੁਲਾਕਾਤ ਕਰਨਗੇ। ਇਸ ਲਈ ਕਾਂਗਰਸ ਦੀ ਲੀਡਰਸ਼ਿਪ ਕੱਲ੍ਹ 1 ਵਜੇ ਤੱਕ ਧਰਨੇ ਉੱਤੇ ਬੈਠੇਗੀ। ਕਾਂਗਰਸ ਦਾ ਕਹਿਣਾ ਹੈ ਕਿ ਅਸੀਂ ਉਦੋਂ ਤੱਕ ਨਹੀਂ ਉੱਠਾਂਗੇ ਜਦੋਂ ਤੱਕ ਮੁੱਖ ਮੰਤਰੀ ਦਾ ਕੋਈ ਜਵਾਬ ਨਹੀਂ ਆਉਂਦਾ। ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸੂਬੇ ਦੀ ਸਰਕਾਰ ਨੇ ਮੁੱਖ ਵਿਰੋਧੀ ਧਿਰ ਨੂੰ ਜ਼ਲੀਲ ਕੀਤਾ ਗਿਆ ਹੈ।
Punjab Congress Protest at CM House
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅੱਜ ਲੋਕਤੰਤਰ ਦਾ ਘਾਣ ਹੋਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਤੋਂ ਮੀਟਿੰਗ ਲਈ ਸਮਾਂ ਮੰਗਿਆ ਸੀ ਫ਼ਿਰ ਵੀ ਸਾਨੂੰ ਪੌਣਾ ਘੰਟਾ ਮੁੱਖ ਮੰਤਰੀ ਨਿਵਾਸ ਦੇ ਬਾਹਰ ਖੜ੍ਹਾ ਰੱਖਿਆ ਗਿਆ। ਮੁੱਖ ਮੰਤਰੀ ਨਿਵਾਸ ਦੇ ਅੰਦਰ ਜਾਣ ਲਈ ਰਾਜਾ ਵੜਿੰਗ ਅਤੇ ਅਧਿਕਾਰੀਆਂ ਵਿਚਾਲੇ ਬਹਿਸ ਹੋ ਗਈ। ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਦੀ ਗੱਲ ਕਰਨ ਆਏ ਹਾਂ।