
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ: ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਉਹਨਾਂ ਨੇ ਕੇਂਦਰੀ ਮੰਤਰੀ ਨੂੰ ਮੰਗ ਪੱਤਰ ਵੀ ਸੌਂਪਿਆ ਹੈ।
ਇਸ ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਜਲਦੀ ਸ਼ੁਰੂ ਕੀਤੀਆਂ ਜਾਣ ਤਾਂ ਜੋ ਪੰਜਾਬ ਸਮੇਤ ਗੁਆਂਢੀ ਮੁਲਕਾਂ ਦੇ ਲੋਕਾਂ ਨੂੰ ਅੰਤਰਰਾਸ਼ਟਰੀ ਉਡਾਣਾਂ ਲਈ ਦਿੱਲੀ ਨਾ ਜਾਣਾ ਪਵੇ। ਉਹਨਾਂ ਪੱਤਰ ਵਿਚ ਲਿਖਿਆ ਕਿ ਪੰਜਾਬ, ਹਰਿਆਣਾ, ਹਿਮਾਚਲ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਪੜ੍ਹਾਈ ਲਈ ਅਮਰੀਕਾ, ਇੰਗਲੈਂਡ ਅਤੇ ਹੋਰ ਯੂਰਪੀ ਦੇਸ਼ਾਂ ਵਿਚ ਗਏ ਹਨ। ਜਿਨ੍ਹਾਂ ਨੂੰ ਉਡਾਣ ਭਰਨ ਤੋਂ ਪਹਿਲਾਂ ਸੜਕ ਰਾਹੀਂ ਲੰਮਾ ਸਫ਼ਰ ਤੈਅ ਕਰਨਾ ਪੈਂਦਾ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਇਹ ਮੰਗ ਵੀ ਕੀਤੀ ਕਿ ਆਦਮਪੁਰ ਦੇ ਹਵਾਈ ਅੱਡੇ ਨੂੰ ਮੁੜ ਚਾਲੂ ਕਰਵਾਇਆ ਜਾਵੇ। ਜਯੋਤਿਰਦਿੱਤਿਆ ਸਿੰਧੀਆ ਨੇ ਭਰੋਸਾ ਦਿੱਤਾ ਕਿ ਅਗਸਤ ਮਹੀਨੇ ਤੱਕ ਹਵਾਈ ਅੱਡੇ ਦਾ ਅਧੂਰਾ ਕੰਮ ਪੂਰਾ ਹੋ ਜਾਵੇਗਾ ਅਤੇ ਕੌਮਾਂਤਰੀ ਉਡਾਣਾਂ ਵਾਸਤੇ ਛੇਤੀ ਹੀ ਗੰਭੀਰਤਾ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ।