CM ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ,100 ਕਰੋੜ ਰੁਪਏ ਦੀ ਲਾਗਤ ਨਾਲ 50 ਏਕੜ ਰਕਬੇ ’ਚ ਬਣੇਗੀ ਜੇਲ੍ਹ
Published : Jun 9, 2023, 3:36 pm IST
Updated : Jun 9, 2023, 3:36 pm IST
SHARE ARTICLE
photo
photo

ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਭਰਤੀ ਵਾਰਡਰਜ਼ ਨੂੰ ਸਿਖਲਾਈ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ

 

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਤਰਨਾਕ ਅਪਰਾਧੀਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਜੇਲ੍ਹ ਕੰਪਲੈਕਸ ਵਿਚ ਹੀ ਕਰਨ ਲਈ ਸੂਬੇ ਵਿਚ 50 ਏਕੜ ਰਕਬੇ ਵਿਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਕੀਤਾ।

ਅੱਜ ਇੱਥੇ ਨਵੇਂ ਭਰਤੀ ਹੋਏ ਜੇਲ੍ਹ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਨੇੜੇ 50 ਏਕੜ ਜ਼ਮੀਨ ਵਿੱਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਸਥਾਪਤ ਕਰਨ ਲਈ ਭਾਰਤ ਸਰਕਾਰ ਨੇ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਜਿੱਥੇ ਸੂਬੇ ਵਿੱਚ ਖਤਰਨਾਕ ਅਪਰਾਧੀਆਂ ਦੀ ਅਦਾਲਤੀ ਸੁਣਵਾਈ ਲਈ ਕੀਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਲਈ ਖਤਰਾ ਬਣੇ ਅਜਿਹੇ ਖੌਫਨਾਕ ਅਪਰਾਧੀਆਂ ਦੀ ਵਿਸ਼ੇਸ਼ ਸੁਣਵਾਈ ਲਈ ਜੇਲ੍ਹ ਵਿੱਚ ਹੀ ਜੱਜਾਂ ਦੇ ਵੱਖਰੇ ਕੈਬਿਨ ਬਣਾਏ ਜਾਣਗੇ ਤਾਂ ਜੋ ਇਸ ਮੰਤਵ ਲਈ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਾ ਲਿਜਾਣਾ ਪਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਲ੍ਹ ਵਿਭਾਗ ਵੱਲੋਂ ਛੇਤੀ ਹੀ ਮੁਹਾਲੀ ਵਿੱਚ ਆਪਣਾ ਅਤਿ ਆਧੁਨਿਕ ਦਫ਼ਤਰ ਬਣਾਇਆ ਜਾਵੇਗਾ ਜਿਸ ਲਈ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ 'ਤੇ ਅਤਿ ਆਧੁਨਿਕ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਕਈ ਤਰ੍ਹਾਂ ਦੇ ਨਵੇਂ ਸੁਧਾਰ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਦੇ ਅੰਦਰੋਂ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਉੱਚ-ਤਕਨੀਕ ਵਾਲੇ ਜੈਮਰ ਅਤੇ ਹੋਰ ਉਪਕਰਨ ਲਾਏ ਜਾ ਰਹੇ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਪੰਜਾਬ ਪੁਲਿਸ ਵਿੱਚ ਐਂਟੀ-ਡਰੋਨ ਤਕਨੀਕ ਲਿਆਂਦੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ ਪੁਲਿਸ, ਦੇਸ਼ ਭਰ ਵਿੱਚ ਸਭ ਤੋਂ ਵਧੀਆ ਫੋਰਸ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਥਾਣਿਆਂ ਦੀ ਕਾਇਆਕਲਪ ਕਰਨ ਲਈ ਬਹੁਤ ਸਾਰੇ ਵਸੀਲੇ ਜੁਟਾ ਕੇ ਵੱਡੇ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਭਾਗ ਵਿੱਚ ਵਾਹਨਾਂ, ਹਥਿਆਰਾਂ ਅਤੇ ਹੋਰਾਂ ਪੱਖੋਂ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਛੇਤੀ ਹੀ ਸੂਬੇ ਦੀ ਪੁਲਿਸ ਨੂੰ ਆਧੁਨਿਕ ਲੀਹਾਂ 'ਤੇ ਤੋਰਨ ਲਈ ਬਹੁ-ਰਾਸ਼ਟਰੀ ਕੰਪਨੀ ਗੂਗਲ ਨਾਲ ਹੱਥ ਮਿਲਾਏਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਆਪਕ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਜਲਦ ਹੀ ਰਸਮੀ ਸਮਝੌਤੇ 'ਤੇ ਦਸਤਖਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੀ ਕਾਰਜ-ਕੁਸ਼ਲਤਾ ਤੇ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰੇਗਾ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਸੁਧਾਰ ਲਈ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਜ਼ਿੰਦਗੀ ਵਿੱਚ ਕੋਈ ਹੁਨਰ ਜਾਂ ਕੰਮਕਾਜ ਸਿੱਖ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਲੱਡਾ ਕੋਠੀ ਵਿਖੇ ਪੁਲਿਸ ਸਿਖਲਾਈ ਕੇਂਦਰ ਦੇ ਕੈਂਪਸ ਵਿੱਚ ਸਿੰਥੈਟਿਕ ਟ੍ਰੈਕ ਵਿਛਾਉਣ ਲਈ 4.5 ਕਰੋੜ ਰੁਪਏ ਦਿੱਤੇ ਜਾਣਗੇ, ਕੈਂਪਸ ਦੇ ਅੰਦਰ 3 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਹੋਸਟਲ ਬਣਾਇਆ ਜਾਵੇਗਾ ਅਤੇ 25 ਲੱਖ ਰੁਪਏ ਖਰਚ ਕੇ ਫਾਇਰਿੰਗ ਰੇਂਜ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕੈਂਪਸ ਵਿੱਚ ਸੜਕਾਂ ਦੇ ਨਿਰਮਾਣ ਲਈ ਵੀ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿਚ ਕੈਦੀਆਂ ਨੂੰ ਵੱਖ-ਵੱਖ ਤਰ੍ਹਾਂ ਦੀ ਸਿਖਲਾਈ ਲਈ ਵਰਤਿਆ ਜਾਂਦਾ ਕੱਚਾ ਮਾਲ ਮੁਹੱਈਆ ਕਰਵਾਉਣ 'ਤੇ 10 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਸ਼ੇਸ਼ ਮਹਿਲਾ ਜੇਲ੍ਹ ਦੀ ਉਸਾਰੀ ਕਰਨ ਤੋਂ ਇਲਾਵਾ ਜੇਲ੍ਹ ਵਿਭਾਗ ਵਿੱਚ 351 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਮਜ਼ਬੂਤ, ਆਧੁਨਿਕ ਅਤੇ ਅਪਗ੍ਰੇਡ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦੇ ਜਵਾਨ ਔਖੇ ਸਮਿਆਂ ਵਿੱਚ ਵੀ ਆਪਣੀ ਡਿਊਟੀ ਦ੍ਰਿੜਤਾ ਨਾਲ ਨਿਭਾਉਂਦੇ ਹਨ ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਸ ਫਰਜ਼ ਨੂੰ ਪੈਸੇ ਨਾਲ ਨਹੀਂ ਤੋਲਿਆ ਜਾ ਸਕਦਾ ਕਿਉਂਕਿ ਇਹ ਦੇਸ਼ ਅਤੇ ਇਸ ਦੇ ਲੋਕਾਂ ਲਈ ਸਭ ਤੋਂ ਮਹੱਤਵਪੂਰਨ ਸੇਵਾਵਾਂ ਵਿੱਚੋਂ ਇੱਕ ਹੈ।

ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਭਰਤੀ ਵਾਰਡਰਜ਼ ਨੂੰ ਸਿਖਲਾਈ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

ਇਸ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ, ਏ. ਡੀ.ਜੀ. ਪੀ. (ਜੇਲ੍ਹਾਂ) ਅਰੁਣਪਾਲ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਹਾਜ਼ਰ ਸਨ।

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement