
ਕੰਗਨਾ ਨੂੰ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ ਕੁਲਵਿੰਦਰ ਕੌਰ 'ਤੇ FIR ਦਰਜ ਕਰਦਿਆਂ ਉਸਨੂੰ ਅੱਤਲ ਕਰ ਦਿੱਤਾ ਗਿਆ ਸੀ
CISF Constable Kulwinder Kaur : ਮੋਹਾਲੀ ਏਅਰਪੋਰਟ ‘ਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ 'ਤੇ FIR ਦਰਜ ਕਰਦਿਆਂ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕੁਲਵਿੰਦਰ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋ ਕੇ ਡੀਸੀ ਦਫ਼ਤਰ 'ਚ ਮੰਗ ਪੱਤਰ ਦੇਣ ਜਾ ਰਹੇ ਹਨ।
ਕਿਸਾਨਾਂ ਦੀ ਮੰਗ ਹੈ ਕਿ ਮਹਿਲਾ ਜਵਾਨ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਵਾਪਸ ਲਿਆ ਜਾਵੇ ਅਤੇ ਸਸਪੈਂਡ ਮਹਿਲਾ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਕਿ ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿਣ ਵਾਲੀ ਕੰਗਨਾ ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਦੇ ਲਈ ਉਹ ਮੁੱਖ ਮੰਤਰੀ ਦੇ ਨਾਂ ਆਪਣਾ ਮੰਗ ਪੱਤਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਸੌਂਪਣਗੇ।
ਦਰਅਸਲ 'ਚ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਦੀ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਹਵਾਈ ਅੱਡੇ ’ਤੇ ਕਥਿਤ ਤੌਰ ’ਤੇ ਥੱਪੜ ਮਾਰਨ ਵਾਲੀ CISF ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦੇ ਖ਼ਿਲਾਫ਼ ਐਫ਼. ਆਈ.ਆਰ.ਦਰਜ ਕੀਤੀ ਗਈ ਹੈ। ਕੁਲਵਿੰਦਰ ਕੌਰ ’ਤੇ ਭਾਰਤੀ ਦੰਡਾਵਲੀ ਦੀ ਧਾਰਾ 323 ਅਤ 341 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਅਜੇ ਤਕ ਕੁਲਵਿੰਦਰ ਕੌਰ ਦੀ ਗ੍ਰਿਫ਼ਤਾਰੀ ਨਹੀਂ ਪਾਈ ਗਈ।
ਦੱਸ ਦੇਈਏ ਕਿ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ CISF ਜਵਾਨ ਕੁਲਵਿੰਦਰ ਕੌਰ ਦੇ ਹੱਕ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਉਹ ਚੰਡੀਗੜ੍ਹ ਦੇ ਸੈਕਟਰ -35 ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਮਿਲੇ ਸਨ। ਦਰਜ ਕੀਤੇ ਗਏ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਪਰ ਪੰਜਾਬ ਸਰਕਾਰ ਵੱਲੋਂ ਇਸ ਕੇਸ ਨੂੰ ਰੱਦ ਨਹੀਂ ਕੀਤਾ ਗਿਆ ਹੈ। ਇਸ ਕਾਰਨ ਅੱਜ ਮੋਹਾਲੀ ਵਿੱਚ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਕੰਗਨਾ ਰਣੌਤ ਨੇ ਕਿਸਾਨ ਅੰਦੋਲਨ ਦੌਰਾਨ ਕਈ ਬਿਆਨ ਦਿੱਤੇ ਸਨ। ਉਸ ਨੇ ਸੋਸ਼ਲ ਮੀਡੀਆ 'ਤੇ ਅੰਦੋਲਨਕਾਰੀਆਂ ਦੀ ਤੁਲਨਾ ਖਾਲਿਸਤਾਨੀ ਅੱਤਵਾਦੀਆਂ ਨਾਲ ਕੀਤੀ ਸੀ। ਕੁਲਵਿੰਦਰ ਕੌਰ ਦਾ ਕਹਿਣਾ ਹੈ ਕਿ ਕੰਗਨਾ ਨੇ ਇਹ ਟਿੱਪਣੀ ਕੀਤੀ ਸੀ ਕਿ ਇਹ ਔਰਤਾਂ 100-100 ਰੁਪਏ ਦਿਹਾੜੀ ’ਤੇ ਆਈਆਂ ਹਨ, ਉਨ੍ਹਾਂ ਵਿੱਚ ਉਸ ਦੀ ਮਾਂ ਵੀ ਸ਼ਾਮਲ ਸੀ। ਥੱਪੜ ਕਾਂਡ ਤੋਂ ਬਾਅਦ ਵੀ ਕੰਗਨਾ ਰਣੌਤ ਨੇ ਕਿਹਾ ਸੀ ਕਿ ਪੰਜਾਬ ਵਿੱਚ ਅੱਤਵਾਦ ਵੱਧ ਰਿਹਾ ਹੈ ਅਤੇ ਸਾਨੂੰ ਵੇਖ਼ਣਾ ਹੋਵੇਗਾ ਕਿ ਇਸਨੂੰ ਕਿਵੇਂ ਹੈਂਡਲ ਕਰਨਾ ਹੈ।