
ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ
ਤਰਨ ਤਾਰਨ - ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿਚ ਹੜ੍ਹਾਂ ਸਬੰਧੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਲੋੜ ਨਹੀਂ ਹੈ। ਉਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾ਼ਸ਼ਨ ਤਰਨ ਤਾਰਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਲੋੜ ਪੈਣ 'ਤੇ ਲੋਕਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਲੋਕ ਹੜ੍ਹ ਸਬੰਧੀ ਕਿਸੇ ਅਫ਼ਵਾਹ ਉੱਪਰ ਯਕੀਨ ਨਾ ਕਰਨ ਕਿਉਂਕਿ ਜ਼ਿਲ੍ਹੇ ਵਿਚ ਸਥਿਤੀ ਬਿਲਕੁਲ ਸਹੀ ਹੈ।
ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਬਲਦੀਪ ਕੌਰ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਪਹਾੜੀ ਅਤੇ ਮੈਦਾਨੀ ਇਲਾਕਿਆਂ ਵਿਚ ਲਗਾਤਾਰ ਮੀਂਹ ਕਾਰਨ ਦਰਿਆ ਬਿਆਸ ਅਤੇ ਸਤਲੁਜ ਵਿਚ ਪਾਣੀ ਦਾ ਪੱਧਰ ਵਧਣ ਦਾ ਖਦਸ਼ਾ ਹੈ, ਪਰ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।
ਉਨ੍ਹਾਂ ਸਮੂਹ ਐਸ. ਡੀ. ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਫਲੱਡ ਪਲਾਨ ਅਨੁਸਾਰ ਉਹ ਆਪਣੀਆਂ ਟੀਮਾਂ ਨੂੰ ਚੌਕਸ ਰੱਖਣ ਤਾਂ ਜੋ ਕਿਸੇ ਵੀ ਸਥਿਤੀ ਨਾਲ ਤੁਰੰਤ ਪ੍ਰਭਾਵ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਐੱਸ. ਡੀ. ਐੱਮਜ਼ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣਗੇ ਅਤੇ ਜੇਕਰ ਕੋਈ ਅਣਸੁਖਾਵੀਂ ਸਥਿਤੀ ਪੈਦਾ ਹੁੰਦੀ ਹੈ ਤਾਂ ਮੌਕੇ ਮੁਤਾਬਕ ਤੁਰੰਤ ਕਾਰਵਾਈ ਯਕੀਨੀ ਬਣਾਉਣਗੇ।
ਉਨ੍ਹਾਂ ਇਹ ਵੀ ਹੁਕਮ ਜਾਰੀ ਕੀਤੇ ਕਿ ਸਾਰੇ ਅਧਿਕਾਰੀ ਤੇ ਕਰਮਚਾਰੀ, ਜਿਨ੍ਹਾਂ ਦੀਆਂ ਹੜ੍ਹ ਰੋਕੂ ਕਾਰਜਾਂ ਵਿਚ ਡਿਊਟੀਆਂ ਲੱਗੀਆਂ ਹਨ, ਉਹ ਆਪਣੀ ਡਿਊਟੀ ’ਤੇ ਹਾਜ਼ਰ ਰਹਿਣਗੇ ਅਤੇ ਜ਼ਿਲ੍ਹੇ ਦਾ ਕੋਈ ਵੀ ਅਧਿਕਾਰੀ ਬਿਨਾਂ ਅਗਾਊਂ ਮਨਜ਼ੂਰੀ ਤੋਂ ਆਪਣਾ ਸਟੇਸ਼ਨ ਨਹੀਂ ਛੱਡੇਗਾ।