
ਅੰਤਰਰਾਸ਼ਟਰੀ ਸਰਹੱਦ ’ਤੇ ਡਰੋਨ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
CM Mann and Kejriwal launch anti-drone system to : ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਨਵੀਂ ਪਹਿਲਕਦਮੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘ਬਾਜ਼ ਅੱਖ’ ਐਂਟੀ-ਡਰੋਨ ਪ੍ਰਣਾਲੀ ਨੂੰ ਹਰੀ ਝੰਡੀ ਦਿਖਾਈ। ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ ’ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।
ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਇਮਾਨਦਾਰ ਸਰਕਾਰ ਨੇ ਨਸ਼ਿਆਂ ਦੇ ਸਭ ਤੋਂ ਵੱਡੇ ਅਤੇ ਬਦਨਾਮ ਸੌਦਾਗਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਤਸਕਰ, ਜੋ ਸਮਾਜ ਨੂੰ ਜ਼ਹਿਰ ਦੇ ਕੇ ਖੁਦ ਆਪਣੇ ਘਰ ਐਸ਼ੋ-ਆਰਾਮ ਦੀ ਜ਼ਿੰਦਗੀ ਜਿਉਂਦੇ ਹਨ, ਸਾਡੇ ਲੋਕਾਂ ਦੇ ਅਸਲ ਦੁਸ਼ਮਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖਸ਼ੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੰਜਾਬ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਆਰ-ਪਾਰ ਦੀ ਜੰਗ ਛੇੜੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 553 ਕਿਲੋਮੀਟਰ ਸਰਹੱਦ ਲੱਗਦੀ ਹੈ, ਜਿਸ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਸਭ ਤੋਂ ਸੰਵੇਦਨਸ਼ੀਲ ਖੇਤਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਡਰੋਨ-ਅਧਾਰਤ ਤਸਕਰੀ ਤੋਂ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਲਈ ਅੰਤਰਰਾਸ਼ਟਰੀ ਸਰਹੱਦ ’ਤੇ ਨੌਂ ਐਂਟੀ-ਡਰੋਨ ਯੂਨਿਟ ਸਥਾਪਤ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਯੂਨਿਟਾਂ ’ਤੇ 51.4 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਸਾਡੇ ਦੇਸ਼ ਦੀਆਂ ਹਥਿਆਰਬੰਦ ਫੌਜਾਂ ਅਤੇ ਬੀਐਸਐਫ ਪਹਿਲਾਂ ਹੀ ਅਜਿਹੀਆਂ ਪ੍ਰਣਾਲੀਆਂ ਵਰਤ ਰਹੀਆਂ ਹਨ, ਪਰ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਅੰਤਰਰਾਸ਼ਟਰੀ ਸਰਹੱਦ ’ਤੇ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਐਂਟੀ-ਡਰੋਨ ਪ੍ਰਣਾਲੀ ਸਰਹੱਦ ਪਾਰੋਂ ਨਸ਼ਾ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਸਖ਼ਤ ਜਵਾਬ ਦੇਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿਰੋਧੀ ਅਨਸਰ ਸਮਾਜ ਵਿਰੋਧੀ ਗਤੀਵਿਧੀਆਂ ਲਈ ਅਕਸਰ ਤਕਨਾਲੋਜੀ ਦੀ ਵਰਤੋਂ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਨੇ ਪੰਜਾਬ ਦੇ ਨੌਜਵਾਨਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਲਈ ਡਰੋਨਾਂ ਨੂੰ ਹਥਿਆਰਾਂ ਵਿੱਚ ਬਦਲ ਦਿੱਤਾ ਹੈ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਲਈ ਡਰੋਨਾਂ ਦੀ ਵਰਤੋਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਅਣਥੱਕ ਮਿਹਨਤ ਕਰਨ ਵਾਸਤੇ ਸੁਰੱਖਿਆ ਬਲਾਂ ਦੀ ਭਰਵੀਂ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ 2024 ਵਿੱਚ ਹੈਰੋਇਨ, ਹਥਿਆਰਾਂ ਅਤੇ ਗੋਲਾ ਬਾਰੂਦ ਨਾਲ ਲੱਦੇ ਕੁੱਲ 283 ਡਰੋਨ ਜ਼ਬਤ ਕੀਤੇ ਗਏ ਸਨ ਅਤੇ 2025 ਵਿੱਚ ਹੁਣ ਤੱਕ 137 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਠਾਨਕੋਟ ਤੋਂ ਫਾਜ਼ਿਲਕਾ ਤੱਕ ਸਰਹੱਦ ’ਤੇ ਦੂਜੀ ਸੁਰੱਖਿਆ ਪੰਕਤੀ ਵਜੋਂ ਐਂਟੀ-ਡਰੋਨ ਪ੍ਰਣਾਲੀ ਤਾਇਨਾਤ ਕੀਤੀ ਜਾਵੇਗੀ।