
Punjab News : ਆਪਰੇਸ਼ਨ ਸੀਲ-18: ਪੰਜਾਬ 'ਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ
Punjab News in Punjabi : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-18' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਸੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 600 ਤੋਂ ਵੱਧ ਪੁਲਿਸ ਕਰਮਚਾਰੀਆਂ ਦੇ ਆਪਸੀ ਤਾਲਮੇਲ ਨਾਲ 10 ਜ਼ਿਲ੍ਹਿਆਂ ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 71 ਐਂਟਰੀ/ਐਗਜ਼ਿਟ ਪੁਆਇੰਟਾਂ 'ਤੇ ਮਜ਼ਬੂਤ ਨਾਕੇ ਲਗਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਆਉਣ-ਜਾਣ ਵਾਲੇ 2464 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 286 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 9 ਨੂੰ ਜ਼ਬਤ ਕੀਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਐਫਆਈਆਰਜ਼ ਵੀ ਦਰਜ ਕੀਤੀਆਂ ਅਤੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।
ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਨੂੰ 161ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 403 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 161 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,264 ਹੋ ਗਈ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋਗ੍ਰਾਮ ਹੈਰੋਇਨ ਅਤੇ 2.1 ਕਿਲੋਗ੍ਰਾਮ ਅਫੀਮ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ 79 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 433 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
(For more news apart from On 161st day war on drugs, 87 drug smugglers, including 2.2 kg heroin, 2.1 kg opium, were arrested News in Punjabi, stay tuned to Rozana Spokesman)