
ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇਗਾ
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਹਰੇਕ ਦਾ ਮੁਆਵਜ਼ਾ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ।
ਇਸ ਤੋਂ ਬਾਅਦ ਉਹ ਗੁਰਦਾਸਪੁਰ ਪੁੱਜੇ ਜਿੱਥੇ ਉਨ੍ਹਾਂ ਹੜ੍ਹ ਪੀੜਤਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਇੱਥੇ ਐਨਡੀਆਰਐਫ ਟੀਮ ਨਾਲ ਵੀ ਮੁਲਾਕਾਤ ਕੀਤੀ ਅਤੇ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਸੁਨੀਲ ਜਾਖੜ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਦੇ ਪੁਨਰਵਾਸ ਲਈ ਬਹੁ-ਪੱਖੀ ਪਹੁੰਚ 'ਤੇ ਜ਼ੋਰ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਸਾਲ 1988 ਤੋਂ ਬਾਅਦ ਹੁਣ ਹੜ੍ਹਾਂ ਨਾਲ ਵੱਡੇ ਪੱਧਰ ’ਤੇ ਤਬਾਹੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਦਿਨ ਦੇ ਦੌਰੇ ’ਤੇ ਆਏ ਸਨ। ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਦੀ ਆਪਣੀ ਫੇਰੀ ਤੋਂ ਬਾਅਦ ਪੰਜਾਬ ਆਏ ਸਨ। ਜ਼ਿਕਰਯੋਗ ਹੈ ਕਿ ਪੰਜਾਬ ਇਸ ਵੇਲੇ ਸਭ ਤੋਂ ਭਿਆਨਕ ਹੜ੍ਹਾਂ ਦਾ ਸਾਹਮਣਾ ਕਰ ਰਿਹਾ ਹੈ। ਇਹ ਹੜ੍ਹ ਸਤਲੁਜ, ਬਿਆਸ ਅਤੇ ਰਾਵੀ ਵਿਚ ਪਾਣੀ ਵਧਣ ’ਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਅਤੇ ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਆਏ ਹਨ।