
ਭਾਈ ਅਸ਼ੋਕ ਸਿੰਘ ਬਾਗੜੀਆਂ ਤਖ਼ਤ ਪਟਨਾ ਸਾਹਿਬ ਦੇ ਮੈਂਬਰ ਨਾਮਜ਼ਦ
ਅੰਮ੍ਰਿਤਸਰ, 8 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਅੱਜ ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਅਹੁਦੇਦਾਰਾਂ ਦੇ ਹੋਏ ਫ਼ੈਸਲੇ ਮੁਤਾਬਕ ਚੀਫ਼ ਖ਼ਾਲਸਾ ਦੀਵਾਨ ਵਲੋਂ ਡਿਸਟ੍ਰਿਕ ਜੱਜ, ਪਟਨਾ ਸਾਹਿਬ ਨੂੰ ਭਾਈ ਅਸ਼ੋਕ ਸਿੰਘ ਬਾਗੜੀਆਂ ਦੀ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਮੈਂਬਰ ਵਜੋਂ ਨਾਮਜ਼ਦਗੀ ਭੇਜੀ ਗਈ ਹੈ।
ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਸ. ਨਿਰਮਲ ਸਿੰਘ ਨੇ ਦਸਿਆ ਕਿ ਚੀਫ਼ ਖ਼ਾਲਸਾ ਦੀਵਾਨ ਦੇ ਸੰਸਥਾਪਕ ਭਾਈ ਸਾਹਿਬ ਭਾਈ ਅਰਜਨ ਸਿੰਘ ਬਾਗੜੀਆਂ ਦੇ ਪੋਤਰੇ ਭਾਈ ਅਸ਼ੋਕ ਸਿੰਘ ਬਾਗੜੀਆਂ ਪਿਛਲੇ 42 ਵਰ੍ਹਿਆਂ ਤੋਂ ਚੀਫ਼ ਖ਼ਾਲਸਾ ਦੀਵਾਨ ਨਾਲ ਜੁੜੇ ਹਨ ਅਤੇ ਮੌਜੂਦਾ ਸਮੇਂ ਵਿਚ ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ, ਚੰਡੀਗੜ੍ਹ ਦੇ ਸਰਪ੍ਰਸਤ ਵਜੋਂ ਸੇਵਾਵਾਂ ਨਿਭਾ ਰਹੇ ਹਨ। ਗੁਰਸਿੱਖੀ ਅਤੇ ਸਿੱਖ ਸਿਧਾਂਤਾਂ ਦੇ ਪਰਿਪੱਕ ਭਾਈ ਅਸ਼ੋਕ ਸਿੰਘ ਬਾਗੜੀਆਂ ਵਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮਨੋਰਥ ਅਨੁਸਾਰ ਸਿੱਖੀ ਪ੍ਰਚਾਰ-ਪ੍ਰਸਾਰ ਲਈ ਅਹਿਮ ਕਾਰਜ ਕੀਤੇ ਜਾ ਰਹੇ ਹਨ ਅਤੇ ਉਹ ਅਨੇਕਾਂ ਸਿੱਖ ਧਾਰਮਕ ਅਤੇ ਵਿਦਿਅਕ ਸੰਸਥਾਵਾਂ ਦੇ ਅਹੁਦੇਦਾਰਾਂ ਵਿਚ ਸ਼ਾਮਲ ਹਨ। ਸੋ ਉਨ੍ਹਾਂ ਦੀ ਯੋਗਤਾ ਨੂੰ ਦੇਖਦੇ ਹੋਏ ਚੀਫ਼ ਖ਼ਾਲਸਾ ਦੀਵਾਨ ਭਾਈ ਅਸ਼ੋਕ ਸਿੰਘ ਬਾਗੜੀਆਂ ਦਾ ਨਾਂ ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਦੇ ਮੈਂਬਰ ਵਜੋਂ ਤਜਵੀਜ਼ ਕਰਨ ਲਈ ਮਾਣ ਮਹਿਸੂਸ ਕਰਦਾ ਹੈ।image