
ਸ਼੍ਰੋਮਣੀ ਕਮੇਟੀ ਦੀਆਂ ਸਾਰੀਆਂ ਸੀਟਾਂ 'ਤੇ ਚੋਣ ਲੜਾਂਗੇ : ਢੀਂਡਸਾ
ਪਾਰਟੀ ਕਿਸੇ ਵੀ ਸੂਰਤ ਵਿਚ ਅਕਾਲੀ ਦਲ ਬਾਦਲ ਅਤੇ ਕਾਂਗਰਸ ਨਾਲ ਸਮਝੌਤਾ ਨਹੀਂ ਕਰੇਗੀ
ਐਸ.ਏ.ਐਸ. ਨਗਰ, 8 ਅਕਤੂਬਰ (ਸੁਖਦੀਪ ਸਿੰਘ ਸੋਈ) : ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵਲੋਂ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਚੋਣਾਂ ਦੌਰਾਨ ਸਾਰੀਆਂ ਸੀਟਾਂ ਤੇ ਚੋਣ ਲੜੀ ਜਾਵੇਗੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗ਼ਾਇਬ ਹੋਏ ਪਾਵਨ ਸਰੂਪਾਂ ਦੀ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਤੀ ਜਾਵੇਗੀ ਇਹ ਗੱਲ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜਸਭਾ ਸੁਖਦੇਵ ਸਿੰਘ ਢੀਂਡਸਾ ਨੇ ਸਥਾਨਕ ਸੈਕਟਰ 82 ਵਿਚ ਪਾਰਟੀ ਦੇ ਮੁੱਖ ਦਫ਼ਤਰ ਦੇ ਰਸਮੀ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਖੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਸੂਰਤ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਸਮਝੌਤਾ ਨਹੀਂ ਕਰੇਗੀ। ਐਸਜੀਪੀਸੀ ਦੀ ਚੋਣ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜੋ ਵੀ ਪਾਰਟੀ ਸਾਡੇ ਨਾਲ ਸਾਡੀ ਸੋਚ ਮਤਾਬਕ ਚਲੇਗੀ ਉਸ ਨਾਲ ਅਸੀਂ ਸਮਝੌਤਾ ਕਰ ਕੇ ਅਸੀਂ ਸਾਰੀਆਂ ਸੀਟਾਂ 'ਤੇ ਮੈਂਬਰ ਖੜ੍ਹ ਕੇ ਚੋਣ ਲੜਾਂਗੇ, ਭਾਵੇਂ ਉਹ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਹੋਣ ਜਾਂ ਹੋਰ ਪੰਥਕ ਜਥੇਬੰਦੀਆਂ। ਸਾਡਾ ਮੁੱਖ ਮਕਸਦ ਅਕਾਲੀ ਦਲ ਬਾਦਲ ਨੂੰ ਐਸਜੀਪੀਸੀ ਚੋਣਾਂ ਵਿਚ ਢਾਹ ਲਾਉਣਾ ਹੈ ਅਤੇ ਅਕਾਲੀ ਦਲ ਬਾਦਲ ਤੋਂ ਐਸਜੀਪੀਸੀ ਨੂੰ ਮੁਕਤ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਰਾਜ ਸਮੇਂ ਹੋਏ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਕਰ ਕੇ ਲੋਕਾਂ ਸਾਹਮਣੇ ਲਿਆਂਦੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਵਾਈ ਜਾਵੇਗੀ। ਕਿਸਾਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜਵਾਨੀ ਅਤੇ ਕਿਸਾਨੀ ਸਾਡੇ ਨਾਲ ਹੈ। ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਨਾਲ ਹੈ ਪਰ ਉਨ੍ਹਾਂ ਵਲੋਂ ਕਿਸਾਨਾਂ ਦੇ ਧਰਨੇ ਅਤੇ ਰੈਲੀਆਂ ਵਿਚ ਅਪਣਾ ਵੱਖਰਾ ਝੰਡਾ ਨਹੀਂ ਲਹਿਰਾਇਆ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਸਿਰਫ ਡਰਾਮਾ ਰਚਾਇਆ ਗਿਆ ਹੈ ਜਦਕਿ ਇਹ ਕਾਨੂੰਨ ਪਾਸ ਹੋਣ ਸਮੇਂ ਉਹ ਕੇਂਦਰ ਸਰਕਾਰ ਦੇ ਨਾਲ ਸ਼ਾਮਲ ਸੀ।
ਇਕ ਸਵਾਲ ਦੇ ਜਵਾਬ ਵਿਚ ਢੀਂਡਸਾ ਨੇ ਕਿਹਾ ਕਿ ਭਾਜਪਾ ਜਦੋਂ ਤਕ ਕਿਸਾਨਾਂ ਦਾ ਮੱਸਲਾ ਹੱਲ ਨਹੀਂ ਕਰਦੀ ਉਦੋਂ ਤਕ ਕੋਈ ਸਮਝੌਤਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਬ੍ਰਹਮਪੁਰਾ ਦਾ ਸਮਰਥਨ ਉਨ੍ਹਾਂ ਦੇ ਨਾਲ ਹੈ ਪਰ ਉਨ੍ਹਾਂ ਦੀ ਪਾਰਟੀ ਵੱਖਰੀ ਰਹੇਗੀ ਉਨ੍ਹਾਂ ਦਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਮਹਿਲਾ ਵਿੰਗ ਵੀ ਬਣਾਇਆ ਜਾ ਰਿਹਾ ਹੈ ਜਿਸ ਵਿਚ ਮਹਿਲਾਵਾਂ ਨੂੰ ਪੇਸ਼ ਆਉਣ ਵਾਲੀਆਂ ਸੱਮਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ। ਇਸ ਤੋਂ ਪਹਿਲਾਂ ਸੈਕਟਰ 82, ਉਦਯੋਗਿਕ ਖੇਤਰ ਵਿਚ ਖੋਲ੍ਹੇ ਗਏ ਪਾਰਟੀ ਦੇ ਮੁੱਖ ਦਤਫ਼ਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਬਕਾ ਸਾਂਸਦ ਪਰਮਜੀਤ ਕੌਰ ਗੁਲਸ਼ਨ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਤਲਵੰਡੀ, ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ, ਬੀਬੀ ਹਰਜੀਤ ਕੌਰ ਤਲਵੰਡੀ, ਨਿਧੜਕ ਸਿੰਘ ਬਰਾੜ, ਜਗਦੀਸ਼ ਸਿੰਘ ਗਰਚਾ, ਮਾਨ ਸਿੰਘ ਗਰਚਾ, ਰਣਧੀਰ ਸਿੰਘ ਰਖੜਾ ਆਦਿ ਆਗੂ ਹਾਜ਼ਰ ਸਨ।
image
ਬੀਰਵਰਤ ੭-੫