![image image](/cover/prev/vg5rm3odcs65hosqp8771povb0-20211009072601.Medi.jpeg)
ਦੇਸ਼ ਦੀ ਸੱਭ ਤੋਂ ਪੁਰਾਣੀ ਪਾਰਟੀ ਨਾਲ ਜੁੜੀਆਂ ਸਮੱਸਿਆਵਾਂ ਦਾ ਕੋਈ ਤੇਜ਼ ਹੱਲ ਨਹੀਂ : ਪ੍ਰਸ਼ਾਂਤ ਕਿਸ਼ੋਰ
ਨਵੀਂ ਦਿੱਲੀ, 8 ਅਕਤੂਬਰ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸ਼ੁਕਰਵਾਰ ਨੂੰ ਕਿਹਾ ਕਿ ਲਖੀਮਪੁਰ ਖੇੜੀ ਮਾਮਲੇ ਤੋਂ ਕਾਂਗਰਸ ਦੀ ਅਗਵਾਈ 'ਚ ਵਿਰੋਧੀ ਧਿਰ ਦੇ ਉੱਠ ਖੜੇ ਹੋਣ ਦੀ ਉਮੀਦ ਲਗਾ ਰਹੇ ਲੋਕਾਂ ਨੂੰ ਨਿਰਾਸ਼ਾ ਹੋ ਸਕਦੀ ਹੈ, ਕਿਉਂਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਨਾਲ ਜੁੜੀਆਂ ਸਮੱਸਿਆਵਾਂ ਦਾ ਕੋਈ ਤੇਜ਼ ਹੱਲ ਨਹੀਂ ਹੈ | ਉਨ੍ਹਾਂ ਨੇ ਇਹ ਟਿੱਪਣੀ ਉਸ ਸਮੇਂ ਕੀਤੀ, ਜਦੋਂ ਕੁਝ ਹਫ਼ਤੇ ਪਹਿਲਾਂ ਤਕ ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ |
ਪ੍ਰਸ਼ਾਂਤ ਕਿਸ਼ੋਰ ਨੇ ਟਵੀਟ ਕੀਤਾ,''ਲਖੀਮਪੁਰ ਖੇੜੀ ਦੀ ਘਟਨਾ ਦੇ ਆਧਾਰ 'ਤੇ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦੀ ਅਗਵਾਈ 'ਚ ਵਿਰੋਧੀ ਧਿਰ ਦੇ ਤੇਜ਼ ਰੂਪ ਨਾਲ ਉੱਠ ਖੜੇ ਹੋਣ ਦੀ ਉਮੀਦ ਲਗਾ ਰਹੇ ਲੋਕ ਨਿਰਾਸ਼ ਹੋ ਸਕਦੇ ਹਨ |'' ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ,''ਬਦਕਿਸਮਤੀ ਨਾਲ ਸਭ ਤੋਂ ਪੁਰਾਣੀ ਪਾਰਟੀ 'ਚ ਲੰਮੇ ਸਮੇਂ ਤੋਂ ਘਰ ਕਰ ਚੁਕੀਆਂ ਸਮੱਸਿਆਵਾਂ ਅਤੇ ਢਾਂਚਾਗਤ ਕਮਜ਼ੋਰੀਆਂ ਦਾ ਕੋਈ ਤੁਰਤ ਹੱਲ ਨਹੀਂ ਹੈ |'' ਲਖੀਮਪੁਰ 'ਚ ਹੋਈ ਹਿੰਸਾ 'ਚ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੌਤ ਤੋਂ ਬਾਅਦ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਿ੍ਯੰਕਾ ਗਾਂਧੀ ਨੇ ਪੀੜਤ ਪ੍ਰਵਾਰਾਂ ਨਾਲ ਮੁਲਾਕਾਤ ਕੀਤੀ ਸੀ | ਦੱਸਣਯੋਗ ਹੈ ਕਿ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੋਨੀਆ ਖੇਤਰ 'ਚ ਐਤਵਾਰ ਨੂੰ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੋਰੀਆ ਦੇ ਦੌਰੇ ਦੇ ਵਿਰੋਧ ਨੂੰ ਲੈ ਕੇ ਭੜਕੀ ਹਿੰਸਾ 'ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ | ਇਸ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਸਮੇਤ ਕਈ ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ | (ਏਜੰਸੀ)