
Fazilka News: ਦੋ ਦੋਸ਼ੀ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫਤਾਰ
Drug smuggler arrested in Fazilka: ਫਾਜ਼ਿਲਕਾ ਸਟੇਟ ਸਪੈਸ਼ਲ ਸੈੱਲ ਪੁਲਿਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ, ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ 2 ਮੁਲਜ਼ਮਾਂ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ ਸੀ। ਇਸ ਮਾਮਲੇ ਵਿਚ ਉਕਤ ਮੁਲਜ਼ਮ ਫਰਾਰ ਹੋ ਗਿਆ ਸੀ।
ਜਿਸ ਨੂੰ ਪੁਲਿਸ ਨੇ ਹੁਣ ਗ੍ਰਿਫਤਾਰ ਕਰ ਲਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ 16 ਸਤੰਬਰ 2024 ਨੂੰ ਭਾਰਤ-ਪਾਕਿਸਤਾਨ ਸਰਹੱਦ 'ਤੇ ਪੂਰਨ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸ ਦੀ ਜਾਂਚ ਦੌਰਾਨ ਪੁਲਿਸ ਨੇ ਇੱਕ ਹੋਰ ਮੁਲਜ਼ਮ ਨੂੰ ਓਮ ਸਿੰਘ ਵਾਸੀ ਪਿੰਡ ਮੁਹਾਰ ਜਮਸ਼ੇਰ ਨੂੰ ਨਾਮਜ਼ਦ ਕੀਤਾ ਸੀ।
ਪੁਲਿਸ ਦਾ ਕਹਿਣਾ ਹੈ ਕਿ ਆਰੋਪੀ ਓਮ ਸਿੰਘ ਇਸ ਮਾਮਲੇ ਦਾ ਮਾਸਟਰਮਾਈਂਡ ਹੈ, ਜਿਸ ਨੇ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਮੰਗਵਾਈ ਸੀ, ਪੁਲਿਸ ਨੇ ਖੁਫੀਆ ਸੂਤਰਾਂ ਦੀ ਮਦਦ ਨਾਲ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨੂੰ ਮੈਡੀਕਲ ਜਾਂਚ ਲਈ ਅੱਜ ਸਰਕਾਰੀ ਹਸਪਤਾਲ ਲਿਆਂਦਾ ਗਿਆ। ਪੁਲਿਸ ਦਾ ਕਹਿਣਾ ਹੈ ਕਿ ਹੁਣ ਮੁਲਜ਼ਮ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਨੇ ਪਹਿਲਾਂ ਵੀ ਕਿੰਨੀ ਵਾਰ ਹੈਰੋਇਨ ਦੀ ਖੇਪ ਮੰਗਵਾਈ ਹੈ ਅਤੇ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।