
Amritsar News : 5 ਕਿਲੋ ਹੈਰੋਇਨ, 3.95 ਲੱਖ ਰੁਪਏ ਡਰੱਗ ਮਨੀ, ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨੂੰ ਕੀਤਾ ਕਾਬੂ
Amritsar News : ਪੁਲਿਸ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਨਸ਼ੀਲੇ ਪਦਾਰਥ ਸੁੱਟੇ ਗਏ ਹਨ। ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਅੰਮ੍ਰਿਤਸਰ, ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਰੋੜਾਂਵਾਲੀ ਜ਼ਿਲ੍ਹਾ ਅੰਮ੍ਰਿਤਸਰ, ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਰੋੜਾਂਵਾਲੀ,ਅੰਮ੍ਰਿਤਸਰ ਅਤੇ ਜੋਤਾ ਸਿੰਘ ਵਾਸੀਪਿੰਡ ਚੜਤੇਵਾਲੀ, ਅਜਨਾਲਾ, ਅੰਮ੍ਰਿਤਸਰ ਦੇ ਵਜੋਂ ਹੋਈ ਹੈ।
ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਢੋਆ-ਢੁਆਈ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਟੈਕਨੀਕਲ ਤਰੀਕੇ ਨਾਲ ਮਿਲੀ ਲੀਡ ਤੇ ਪ੍ਰੋਫੈਸ਼ਨਲ ਇਨਵੈਸਟੀਗੇਸ਼ਨ ਕੀਤੀ ਗਈ ਸੀ ਅਤੇ ਐਨਡੀਪੀਐਸ ਐਕਟ ਦੇ ਤਹਿਤ ਇੱਕ ਐਫਆਈਆਰ ਦਰਜ ਕੀਤੀ ਗਈ। ਮਾਮਲੇ ਵਿੱਚ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰ ਤੋਂ ਡਰੋਨ ਦੀ ਵਰਤੋਂ ਕਰਕੇ ਸੁੱਟੇ ਗਏ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਇਸ ਨੂੰ ਆਪਣੇ ਘਰ, ਨਿਊ ਅਜਨਾਲਾ ਕਲੋਨੀ ਵਿੱਚ ਛੁਪਾ ਦਿੱਤਾ ਹੈ।
ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਵਿੱਚ ਥਾਣਾ ਛੇਹਰਟਾ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਅਜਨਾਲਾ ਦੀ ਨਿਊ ਅਜਨਾਲਾ ਕਲੋਨੀ ਵਿਚ ਸਥਿਤ ਇੱਕ ਘਰ ’ਚੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ ਅਤੇ ਇੱਕ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।
ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਆਪਣੇ ਘਰ ਨੂੰ ਸੁਰੱਖਿਅਤ ਪਨਾਹਗਾਹ ਵਜੋਂ ਵਰਤ ਰਹੇ ਸਨ ਅਤੇ ਨਸ਼ੇ ਦੀ ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ ਦੀ ਪਛਾਣ ਲਈ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਫੜੇ ਗਏ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ। ਇਸ ਸਬੰਧੀ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21-ਸੀ ਅਧੀਨ ਮੁਕੱਦਮਾ ਨੰਬਰ 183, ਮਿਤੀ 08/10/2024 ਦਰਜ ਕੀਤਾ ਗਿਆ ਹੈ।
(For more news apart from police busted cross-border narcotic network in Amritsar News in Punjabi, stay tuned to Rozana Spokesman)