
ਦੌਰਾ ਪੈਣ ਨਾਲ ਹੋਇਆ ਦੇਹਾਂਤ
ਜਲੰਧਰ: ਭਾਰਤ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਸ਼ਾਕਾਹਾਰੀ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਘੁੰਮਣ ਦਾ ਮੋਢਾ ਫ੍ਰੈਕਚਰ ਸੀ ਅਤੇ ਉਹ ਸਰਜਰੀ ਲਈ ਅੰਮ੍ਰਿਤਸਰ ਵਿੱਚ ਸਨ। ਮੋਢੇ ਦੇ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ।
ਦੱਸ ਦੇਈਏ ਕਿ ਜਲੰਧਰ ਦੇ ਬਸਤੀ ਸ਼ੇਖ ’ਚ ਘਈ ਨਗਰ ਦੇ ਰਹਿਣ ਵਾਲੇ ਮਸ਼ਹੂਰ ਬਾਡੀ ਬਿਲਡਰ ਅਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਦੇ ਮੋਢੇ ਵਿੱਚ ਫ੍ਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਨਸਾਂ ਦੇ ਦਬਾਅ ਕਾਰਨ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਐਮ.ਪੀ. ਸੁਖਜਿੰਦਰ ਸਿੰਘ ਰੰਧਾਵਾ ਨੇ ਵਰਿੰਦਰ ਸਿੰਘ ਘੁੰਮਣ ਦੇ ਅਚਾਨਕ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਖ਼ਬਰ ਸੁਣ ਕੇ ਦਿਲ ਬਹੁਤ ਦੁਖੀ ਹੋਇਆ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।"