
ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਚਲਾਈਆਂ ਗੋਲੀਆਂ, ਹਮਲੇ ’ਚ ਵਾਲ਼-ਵਾਲ਼ ਬਚੇ ਬਾਬਾ ਲਾਡੀ ਨਾਥ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਖਾਸਾ ਇਲਾਕੇ ’ਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬਾਬਾ ਲਾਡੀ ਨਾਥ ਰਾਤ ਦੇ ਸਮੇਂ ਖਾਸਾ ਤੋਂ ਆਪਣੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਦੀ ਗੱਡੀ ਉੱਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਨਾਲ ਗੱਡੀ ਦੇ ਸ਼ੀਸ਼ੇ ਟੁੱਟ ਗਏ, ਪਰ ਖੁਸ਼ਕਿਸਮਤੀ ਨਾਲ ਬਾਬਾ ਲਾਡੀ ਨਾਥ ਇਸ ਹਮਲੇ ਵਿੱਚ ਸੁਰੱਖਿਅਤ ਬਚ ਗਏ।
ਲਾਡੀ ਨਾਥ ਨੇ ਦੱਸਿਆ ਕਿ ਹਮਲਾਵਰਾਂ ਨੇ ਆਪਣੇ ਚਿਹਰੇ ਕਪੜਿਆਂ ਨਾਲ ਢੱਕੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਗੋਲੀ ਚਲਾਉਣ ਤੋਂ ਬਾਅਦ ਦੋਵੇਂ ਨੌਜਵਾਨ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀ ਨੇ ਕਿਹਾ ਘਟਨਾ ਸਥਾਨ ਨੇੜਲੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਹਿਚਾਣ ਕੀਤੀ ਜਾ ਸਕੇ। ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਜਲਦ ਹੀ ਆਰੋਪੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।