
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਕੈਪਟਨ...
ਚੰਡੀਗੜ੍ਹ (ਸ.ਸ.ਸ) : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਰਕਾਰ ਉੱਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਦਲਿਤਾਂ ਅਤੇ ਗ਼ਰੀਬਾਂ ਦੇ ਅਧਿਕਾਰਾਂ ਨੂੰ ਕੁਚਲ ਰਹੇ ਹਨ। ਜਿਸ ਕਾਰਨ ਉਨ੍ਹਾਂ ਦਾ ਜੀਵਨ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵਾਂਗ ਕੈਪਟਨ ਸਰਕਾਰ ਵੀ ਦਲਿਤ ਬੱਚਿਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇਣ ਤੋਂ ਮੁਨਕਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਜ਼ਾਰਾਂ ਬੱਚਿਆਂ ਦੇ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਸੁਪਨੇ ਟੁੱਟ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਸਾਲ 2015-17 ਅਤੇ 2016-17 ਦੀ ਸਕਾਲਰਸ਼ਿਪ ਰਾਸ਼ੀ ਵੀ ਜਾਰੀ ਨਹੀਂ ਕੀਤੀ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਸੂਬੇ ਵਿਚ ਹਰ ਵਰਗ ਸਰਕਾਰ ਤੋਂ ਦੁਖੀ ਹੈ ਅਤੇ ਹਰ ਰੋਜ਼ ਧਰਨੇ ਅਤੇ ਮੁਜ਼ਾਹਰੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਈ ਸੀ ਪਰੰਤੂ ਹੁਣ ਆਪਣੇ ਵਾਅਦੇ ਪੂਰੇ ਕਰਨ ਤੋਂ ਅਸਮਰਥ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗ਼ਰੀਬਾਂ ਅਤੇ ਦਲਿਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸੁਵਿਧਾਵਾਂ ਦਾ ਬੁਰਾ ਹਾਲ ਹੈ ਅਤੇ ਗ਼ਰੀਬ ਲੋਕ ਰਾਸ਼ਨ, ਪੈਨਸ਼ਨ ਅਤੇ ਹੋਰ ਸਹੂਲਤਾਂ ਤੋਂ ਵਾਂਝੇ ਹੋ ਗਏ ਹਨ।
Harpal Singh Cheema
ਕੇਂਦਰੀ ਮੰਤਰੀ ਅਤੇ ਅਕਾਲੀ ਦਲ ਆਗੂ ਹਰਸਿਮਰਤ ਬਾਦਲ ਉੱਤੇ ਵਰ੍ਹਦਿਆਂ ਚੀਮਾ ਨੇ ਕਿਹਾ ਕਿ ਸੂਬੇ ਵਿਚ ਦਲਿਤਾਂ ਦੀ ਦੁਰਗਤੀ ਲਈ ਕੇਂਦਰ ਸਰਕਾਰ ਵੀ ਬਰਾਬਰ ਦੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਸਮੇਂ ਸਿਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਨਾ ਭੇਜਣ ਅਤੇ ਸੂਬਾ ਸਰਕਾਰ ਦੁਆਰਾ ਉਸ ਨੂੰ ਹੋਰ ਕੰਮਾਂ ਲਈ ਵਰਤਣਾ ਹੀ ਦਲਿਤ ਵਿਦਿਆਰਥੀਆਂ ਨੂੰ ਵਜ਼ੀਫ਼ੇ ਨਾ ਮਿਲਣ ਦਾ ਕਾਰਨ ਹੈ। ਸੂਬਾ ਅਤੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗ਼ਰੀਬ ਅਤੇ ਦਲਿਤ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਾ ਦਿੱਤੇ ਗਏ ਤਾਂ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਦੇ ਦਲਿਤ ਅਤੇ ਗ਼ਰੀਬ ਲੋਕਾਂ ਦੀ ਆਵਾਜ਼ ਹਮੇਸ਼ਾ ਉਠਾਉਂਦੀ ਰਹੇਗੀ।