
ਬ੍ਰਿਸਬੇਨ 'ਚ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਬ੍ਰਿਸਬੇਨ, 8 ਨਵੰਬਰ (ਜਗਜੀਤ ਖੋਸਾ) : ਗੁਰਦੁਆਰਾ ਸਿੰਘ ਸਭਾ ਟੈਂਗਮ ਅਤੇ ਬ੍ਰਿਸਬੇਨ ਸਿੱਖ ਟੈਂਪਲ ਲੋਗਨ ਰੋਡ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਦੀ ਪਵਿੱਤਰ ਨਗਰੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਿੱਖਾਂ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪਾਵਨ ਪ੍ਰਕਾਸ਼ ਪੁਰਬ ਅਤੇ ਖ਼ਾਲਸਾ ਪੰਥ ਦੀ ਧਰਮ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਕ ਦੀਵਾਨ ਸਜਾਏ ਗਏ। ਜਿਸ 'ਚ ਭਾਈ ਪਲਵਿੰਦਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਭਾਈ ਗੁਰਦਿਆਲ ਸਿੰਘ, ਭਾਈ ਗੁਰਤੇਜ ਸਿੰਘ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਸਾਬਕਾ ਪ੍ਰਚਾਰਕ ਐੱਸ.ਜੀ.ਪੀ.ਸੀ, ਭਾਈ ਨਰਿੰਦਰਪਾਲ ਸਿੰਘ ਆਦਿ ਦੇ ਪੰਥ ਪ੍ਰਸਿੱਧ ਜਥਿਆਂ ਵਲੋ ਗੁਰੂ ਸਹਿਬਾਨ ਜੀ ਦੇ ਜੀਵਨ ਫਲਸਫੇ ਬਾਰੇ ਚਾਨਣਾ ਪਾਉਦਿਆਂ ਸੰਗਤਾ ਨੂੰ ਦਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਰਚਿਤ ਬਾਣੀ ਵਿਚ ਸ਼ਬਦ, ਸਲੋਕ, ਘੋੜੀਆਂ, ਲਾਵਾਂ, ਕਰਹਲੇ, ਵਾਰਾਂ, ਰਾਗਾਂ, ਵਣਜਾਰਾ ਤੇ ਹੋਰ ਵੀ ਅਮੁੱਲ ਗਿਆਨ ਦਾ ਵੱਡਮੁੱਲਾ ਖ਼ਜ਼ਾਨਾ ਮਨੁੱਖਤਾ ਨੂੰ ਬਾਣੀ ਦੇ ਰੂਪ ਵਿਚ ਦਿਤਾ ਹੈ, ਜੋ ਕਿ ਹਮੇਸ਼ਾ ਹੀ ਜੀਵਨ ਵਿਚ ਮਾਰਗਦਰਸ਼ਨ ਦਾ ਕਾਰਜ ਕਰਦਾ ਹੈ।